ਪਟਿਆਲਾ : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ 20 ਮਾਰਚ 2021 ਨੂੰ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਪਟਿਆਲਾ ਜ਼ਿਲ੍ਹੇ ਅੰਦਰ ਕੁਝ ਜਰੂਰੀ ਪਾਬੰਦੀਆਂ ਲਾਗੂ ਕੀਤੀਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਵੱੱਲੋਂ ਜਾਰੀ ਹੁਕਮਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਕੋਵਿਡ-19 ਕਰਕੇ ਲਾਗੂ ਰਾਤ ਦੇ ਕਰਫਿਊ ਤਹਿਤ ਆਮ ਲੋਕਾਂ ਦੀ ਗ਼ੈਰਜ਼ਰੂਰੀ ਆਵਾਜਾਈ 'ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਜ਼ਿਲ੍ਹੇ ਦੀ ਹਦੂਦ ਵਿੱਚ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ। ਜਦੋਂਕਿ ਉਦਯੋਗਾਂ 'ਚ ਸਿਫ਼ਟਾਂ, ਸਰਕਾਰੀ ਤੇ ਗ਼ੈਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਆਵਾਜਾਈ ਤੋਂ ਇਲਾਵਾ ਰੇਲਾਂ, ਹਵਾਈ ਜਹਾਜਾਂ ਅਤੇ ਬੱਸਾਂ 'ਚੋਂ ਉਤਰਕੇ ਆਪਣੇ ਟਿਕਾਣਿਆਂ 'ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਛੋਟ ਹੋਵੇਗੀ।
ਜ਼ਿਲ੍ਹੇ ਅੰਦਰ ਕੋਈ ਵੀ ਸਮਾਜਿਕ, ਸੱਭਿਆਚਾਰਕ ਜਾਂ ਸਿਆਸੀ ਇਕੱਠ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਬਿਨ੍ਹਾਂ ਵਿਆਹਾਂ-ਸਾਦੀਆਂ, ਮ੍ਰਿਤਕਾਂ ਦੇ ਅੰਤਿਮ ਸਸਕਾਰ ਆਦਿ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ 20 ਤੱਕ ਸੀਮਤ ਰੱਖੀ ਜਾਵੇਗੀ। ਇਸ ਤੋਂ ਬਿਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਆਨਲਾਇਨ ਜਾਂ ਵਰਚੂਅਲ ਪ੍ਰਕ੍ਰਿਆ ਨੂੰ ਉਤਸ਼ਾਹਤ ਕੀਤਾ ਜਾਵੇਗਾ ਤੇ ਦਫ਼ਤਰਾਂ 'ਚ ਲੋਕਾਂ ਦੀ ਵਿਅਕਤੀਗ਼ਤ ਆਮਦ ਦੀ ਆਗਿਆ ਕੇਵਲ ਅਤਿ ਜਰੂਰੀ ਹੋਣ 'ਤੇ ਹੀ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਮੋਹਾਲੀ ਵੱਲੋਂ ਲੋੜਵੰਦ ਧੀ ਦੇ ਵਿਆਹ ਲਈ ਕੀਤਾ ਸਾਮਾਨ ਸਪੁਰਦ
ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਮਾਲਜ਼ ਆਦਿ ਹਰ ਐਤਵਾਰ ਨੂੰ ਬੰਦ ਰੱਖੇ ਜਾਣਗੇ। ਜਦਕਿ ਹੋਮ-ਡਿਲੀਵਰੀ ਸਹੂੂਲਤ ਨੂੰ ਰਾਤ ਦੇ ਕਰਫਿਊ ਵਾਲੇ ਸਮੇਂ ਤੋਂ ਪਹਿਲਾਂ-ਪਹਿਲਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ। ਸਿਨੇਮਾ ਘਰਾਂ, ਥੀਏਟਰਾਂ, ਮਲਟੀਪਲੈਕਸਾਂ ਆਦਿ 'ਚ 50 ਫੀਸਦੀ ਦੀ ਪਾਬੰਦੀ ਲਾਗੂ ਰਹੇਗੀ ਅਤੇ 100 ਵਿਅਕਤੀਆਂ ਤੋਂ ਵਧੇਰੇ ਦੀ ਆਗਿਆ ਨਹੀਂ ਹੋਵੇਗੀ।
ਸਾਰੇ ਵਿੱਦਿਅਕ ਅਦਾਰੇ, ਸਕੂਲ ਤੇ ਕਾਲਜ ਆਦਿ 31 ਮਾਰਚ 2021 ਤੱਕ ਬੰਦ ਰੱਖੇ ਜਾਣਗੇ ਪਰੰਤੂ ਅਧਿਆਪਨ ਤੇ ਗ਼ੈਰ ਅਧਿਆਪਨ ਅਮਲਾ ਸਾਰੇ ਕੰਮਕਾਜੀ ਦਿਨਾਂ ਦੌਰਾਨ ਹਾਜ਼ਰ ਰਹੇਗਾ। ਜਦੋਂਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ, ਉਨ੍ਹਾਂ ਵਿਅਕਤੀਆਂ ਨੂੰ ਨੇੜਲੇ ਕੋਵਿਡ-19 ਸਬੰਧੀ ਆਰ.ਟੀ.ਪੀ.ਸੀ.ਆਰ. ਟੈਸਟ ਕੇਂਦਰ 'ਚ ਲਿਜਾ ਕੇ ਟੈਸਟ ਕਰਵਾਏ ਜਾਣਗੇ, ਜਿਹੜੇ ਕਿ ਗਲੀਆਂ, ਬਾਜ਼ਾਰਾਂ, ਸੜਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਬਿਨ੍ਹਾਂ ਮਾਸਕ ਘੁੰਮਦੇ ਪਾਏ ਜਾਣਗੇ ਤਾਂ ਕਿ ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਣਾ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਆਮ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੀ ਆਪਣੇ ਘਰਾਂ 'ਚ ਵੀ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਅਗਲੇ ਦੋ ਹਫ਼ਤਿਆਂ ਲਈ ਰੋਕ ਦੇਣ ਤਾਂ ਕਿ ਕੋਵਿਡ ਮਹਾਂਮਾਰੀ ਦੀ ਕੜੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਆਪਣੇ ਘਰਾਂ 'ਚ ਵੀ 10 ਤੋਂ ਵਧੇਰੇ ਲੋਕਾਂ ਨੂੰ ਨਾ ਬੁਲਾਇਆ ਜਾਵੇ।
ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਇਕੱਠਾਂ ਨੂੰ ਜਾਰੀ ਹਦਾਇਤਾਂ ਮੁਤਾਬਕ ਇਨਡੋਰ ਅਤੇ ਆਊਟਡੋਰ ਦੀ 100 ਤੇ 200 ਵਿਅਕਤੀਆਂ ਦੀ ਨਿਰਧਾਰਤ ਗਿਣਤੀ ਮੁਤਾਬਕ ਕੇਵਲ 50 ਫੀਸਦੀ ਸਮਰੱਥਾ ਤੱਕ ਹੀ ਸੀਮਤ ਰੱਖਣ।
ਜਾਰੀ ਆਦੇਸ਼ਾਂ ਮੁਤਾਬਕ 27 ਮਾਰਚ 2021 ਤੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਵਿਡ-19 ਮਹਾਂਮਾਰੀ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੀ ਯਾਦ ਵਿੱਚ ਇੱਕ ਘੰਟੇ ਲਈ ਚੁੱਪ ਧਾਰੀ (ਸਾਇਲੈਂਸ) ਜਾਵੇਗੀ ਅਤੇ ਇਸ ਸਮੇਂ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਵਿਰੁੱਧ ਜੰਗ ਨੂੰ ਜਿੱਤਣ ਲਈ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ 'ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ 'ਚ 6 ਫੁਟ ਦੀ ਸਮਾਜਿਕ ਦੂਰੀ ਤੇ ਮਸਕ ਪਾਕੇ ਰੱਖੇ ਜਾਣੇ ਯਕੀਨੀ ਬਣਾਈ ਜਾਣ। ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜਿਆਦਾ ਜਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਬਿਨ੍ਹਾਂ ਜਨਤਕ ਕੰਮ ਵਾਲੇ ਸਥਾਨਾਂ 'ਤੇ ਮਾਸਕ ਪਾਉਣੇ, ਜਨਤਕ ਥਾਵਾਂ 'ਤੇ ਨਾ ਥੁੱਕਣ ਅਤੇ ਸਮੇਂ-ਸਮੇਂ 'ਤੇ ਹੱਥ ਸਾਬਣ ਨਾਲ ਧੋਣ ਜਾਂ ਸੈਨੇਟਾਈਜ ਕਰਨੇ ਵੀ ਯਕੀਨੀ ਬਣਾਏ ਜਾਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।