ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਦੋ-ਰੋਜ਼ਾ ਖੇਡ ਸਮਾਗਮ ਕਰਵਾਇਆ। ਇਸ ਖੇਡ ਸਮਾਗਮ ਵਿੱਚ ਰਵਾਇਤੀ ਖੇਡਾਂ ਜਿਵੇਂ ਕਿ ਕ੍ਰਿਕਟ, ਫੁੱਟਬਾਲ, ਬੈਡਮਿੰਟਨ, ਰੱਸਾਕਸ਼ੀ ਤੋਂ ਲੈ ਕੇ ਬੌਧਿਕਤਾ ਨਾਲ਼ ਜੁੜੀਆਂ ਖੇਡਾਂ ਜਿਵੇਂ ਕਿ ਸ਼ਤਰੰਜ, ਅਤੇ ਔਨਲਾਈਨ ਗੇਮਿੰਗ ਆਦਿ ਵੀ ਸ਼ਾਮਿਲ ਸਨ। 300 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਖੇਡਾਂ ਵਿੱਚ ਭਾਗ ਲਿਆ। ਖੇਡ ਸਮਾਗਮ ਸਮਾਪਤੀ ਉੱਤੇ ਜੇਤੂਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਤੋਂ ਡਾਇਰੈਕਟਰ ਸਪੋਰਟਸ ਡਾ.ਅਜੀਤਾ ਅਤੇ ਸਪੋਰਟਸ ਸਾਇੰਸ ਦੇ ਪ੍ਰੋਫ਼ੈਸਰ ਡਾ. ਅਸ਼ੋਕ ਕੁਮਾਰ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ। ਡਾ. ਅਜੀਤਾ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਤਕਨੀਕੀ ਮੁਹਾਰਤ ਨੂੰ ਲਾਗੂ ਕਰਨ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਉਨ੍ਹਾਂ ਦੇ ਵਿਕਾਸ ਨਾਲ਼ ਖੇਡਾਂ ਦੇ ਖੇਤਰ ਵਿੱਚ ਦੇਸ਼ ਦੇ ਪ੍ਰਦਰਸ਼ਨ ਨੂੰ ਅੱਗੇ ਵਧਾਇਆ ਜਾ ਸਕੇ। ਡਾ. ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਵਿੱਚ ਖੇਡ ਭਾਵਨਾ ਪੈਦਾ ਕਰਨ ਦੀ ਸਲਾਹ ਦਿੱਤੀ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਡਾਂ ਅਤੇ ਸਿਹਤ ਸੰਬੰਧੀ ਚਿੰਤਾਵਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਸੰਤੁਲਿਤ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ। ਵਿਭਾਗ ਮੁਖੀ ਡਾ. ਹਿਮਾਂਸ਼ੂ ਅਗਰਵਾਲ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੇ ਹਨ ਸਗੋਂ ਸਾਡੇ ਵਿਦਿਆਰਥੀਆਂ ਵਿੱਚ ਭਾਈਚਾਰਕ ਅਤੇ ਸਹਿਯੋਗ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਪੋਰਟਸ ਕਲੱਬ ਦੇ ਕੋਆਰਡੀਨੇਟਰ ਡਾ. ਗੌਰਵ ਗੁਪਤਾ ਅਤੇ ਡਾ. ਵਿਲੀਅਮਜੀਤ ਸਿੰਘ ਨੇ ਵਿਦਿਆਰਥੀਆਂ ਵਿਚ ਟੀਮ ਵਰਕ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।