ਸ਼ੰਭੂ ਬਾਰਡਰ : ਸਰਕਾਰਾਂ ਦੀ ਅਣਦੇਖੀ ਅਤੇ ਨਲਾਇਕੀ ਕਾਰਨ ਦੇਸ਼ ਲਈ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਅਤੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਫੂਕ ਵੀ ਨਿਕਲਕੇ ਰਹਿ ਗਈ ਹੈ, ਜਿਸ ਕਾਰਨ ਮਜਬੂਰਨ ਕਿਸਾਨ ਸੜਕਾਂ ’ਤੇ ਉਤਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਵਿਖਾਈ ਰਹੇ ਹਨ। ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼ੰਭੂ ਬਰਡਰ ’ਤੇ ਕਿਸਾਨ ਭਰਾਵਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਲੰਗਰ ਵਿਚ ਪੁੱਜਣ ਮੌਕੇ ਗੱਲਬਾਤ ਕਰਦਿਆਂ ਕੀਤਾ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀਤੀ ਗਈ ਵਾਅਦਾਖਿਲਾਫੀ ਦਾ ਨਤੀਜਾ ਹੈ ਕਿ ਅੱਜ ਕਿਸਾਨ ਦਿੱਲੀ ਜਾਣ ਲਈ ਮਜਬੂਰ ਹੋਇਆ ਵਿਖਾਈ ਦੇ ਰਿਹਾ ਅਤੇ ਹੁਣ ਸਰਕਾਰਾਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਵੱਖ ਵੱਖ ਬਾਰਡਰਾਂ ’ਤੇ ਰੋਕ ਰਹੀਆਂ, ਜਿਸ ਤੋਂ ਸਪੱਸ਼ਟ ਹੈ ਕਿ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾ ਕੇ ਮਾਨਵੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨੀ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਉਹ ਜਾਣਦੇ ਹਨ ਕਿ ਸਰਕਾਰਾਂ ਨੇ ਖੇਤੀ ਨੂੰ ਮੁਨਾਫੇ ਵਾਲਾ ਧੰਦਾ ਨਹੀਂ ਰਹਿਣ ਦਿੱਤਾ ਤਾਂ ਹੀ ਕਿਸਾਨ ਅੱਜ ਰਹਿੰਦੀਆਂ ਖੂੰਹਦੀਆਂ ਫਸਲਾਂ ’ਤੇ ਐਮਐਸਪੀ ਦਾ ਕਾਨੂੰਨ ਲਿਆਉਣ ਦੀ ਗੱਲ ਕਰ ਰਹੇ ਹਨ ਤਾਂ ਕਿ ਫਸਲ ’ਤੇ ਅਨੁਮਾਨ ਲਾਗਤ ਰੇਟ ਮਿਲ ਸਕੇ। ਗੱਲਬਾਤ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਤੜਕਸਵੇਰੇ ਪਹੁੰਚ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਨੂੰ ਖੁਦ ਆਪਣੇ ਹੱਥੀਂ ਲੰਗਰ ਵਰਤਾਇਆ ਗਿਆ ਅਤੇ ਕਿਸਾਨ ਸੰਘਰਸ਼ ਕਰਨ ਵਾਲੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ ਗਈ। ਇਸ ਦੌਰਾਨ ਉਚੇਚੇ ਤੌਰ ’ਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਲੰਮਾ ਸਮਾਂ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਬੈਠ ਕੇ ਸੰਘਰਸ਼ ਕਰਨਾ ਪਿਆ। ਇਸ ਦੌਰਾਨ ਸਰਕਾਰ ਨੇ ਝੁਕਦਿਆਂ ਖੇਤੀ ਦੇ ਕਾਲੇ ਕਾਨੂੰੰਨ ਰੱਦ ਕੀਤੇ ਸਨ ਅਤੇ ਕਿਸਾਨ ਜਥੇਬੰਦੀਆਂ ਨਾਲ ਐਮਐਸਪੀ ਸਮੇਤ ਕਈ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਿਖਤੀ ਵਾਅਦਾ ਕੀਤਾ ਸੀ, ਜੋ ਅੱਜ ਤੱਕ ਸਰਕਾਰ ਪੂਰਾ ਨਾ ਕਰ ਸਕੀ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪਹਿਲਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਚੁੱਕਿਆ ਤੇ 700 ਤੋਂ ਵੱਧ ਦੇ ਕਿਸਾਨ ਸ਼ਹੀਦ ਹੋਏ ਸਨ, ਅੱਜ ਜਦੋਂ ਕਿਸਾਨ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਕਿਸਾਨਾਂ ਨੂੰ ਹਰਿਆਣਾ ਸਰਕਾਰ ਤਾਨਾਸ਼ਾਹੀ ਤਰੀਕੇ ਨਾਲ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਪੈਰਾ ਮਿਲਟਰੀ ਦਾ ਸਖਤ ਪਹਿਰਾ ਰੱਖਕੇ ਦਿੱਲੀ ਵੱਲ ਜਾਣ ਤੋਂ ਰੋਕਦੀ ਨਜਰ ਆ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਜਬਰ ਦੇ ਨਾਲ ਕਿਸਾਨਾਂ ਦਾ ਸਬਰ ਪਰਖਣ ’ਤੇ ਲੱਗੀ ਹੋਈ ਹੈ ਅਤੇ ਦੂਜੇ ਪਾਸੇ ਕਿਸਾਨਾਂ ’ਤੇ ਲਾਠੀਚਾਰਜ, ਹਥਿਆਰਬੰਦ ਦਸਤਿਆਂ ਵੱਲ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਜਿਹਾ ਕਰਕੇ ਕਿਸਾਨਾਂ ਨੂੰ ਆਪਣੇ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਬੇਨਕਾਬ ਹੋ ਚੁੱਕਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰਿਆਣਾ ਟੱਪਕੇ ਪੰਜਾਬ ਦੀ ਹੱਦ ਵਿਚ ਦਾਖਲ ਹੋ ਕੇ ਕਿਸਾਨਾਂ ’ਤੇ ਹਮਲਾ ਕਰਨਾ, ਨੌਜਵਾਨਾਂ ’ਤੇ ਗੋਲੀ ਚਲਾ ਕੇ ਜਾਨ ਲੈਣ ਤੋਂ ਇਲਾਵਾ ਨੌਜਵਾਨਾਂ ਦੀ ਫੜੋ ਫੜਕੀ ਕਰਕੇ ਮਾਮਲੇ ਦਰਜ ਕਰਨ ਦਾ ਘਿਨੌਣਾ ਵਰਤਾਰਾ ਬੰਦ ਹੋਣਾ ਚਾਹੀਦਾ ਇਸ ਮੰਦਭਾਗੀ ਘਟਨਾ ਲਈ ਹਰਿਆਣਾ ਸਰਕਾਰ ਤੇ ਪੰਜਾਬ ਸਰਕਾਰ ਅਹਿਮ ਤੌਰ ’ਤੇ ਜ਼ਿੰਮੇਵਾਰ ਹਨ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਆਈ ਹੈ ਅਤੇ ਹੁਣ ਲੰਗਰ ਅਤੇ ਮੈਡੀਕਲ ਸੇਵਾਵਾਂ ਜਾਰੀ ਰੱਖਕੇ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ, ਜਿਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਜੰਗ ਸਿੰਘ ਇਟਲੀ, ਪੀ.ਏ ਟੋਨੀ ਘਨੌਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।