ਮੋਗਾ : ਕੇਂਦਰ ਸਰਕਾਰ ਅਤੇ ਪੰਜਾਬ ’ਚ ਰਾਜ ਕਰ ਚੁੱਕੀਆਂ ਸਾਰੀਆਂ ਪਾਰਟੀਆਂ ਵੱਲੋਂ ਸਿੱਖ ਕੌਮ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ ਅਤੇ ਅੱਜ ਤੱਕ ਕਿਸੇ ਵੀ ਪਾਰਟੀ ਨੇ ਇਨ੍ਹਾਂ ਦੋਵਾਂ ਧਿਰਾਂ ਦੀ ਕੋਈ ਸਾਰ ਨਹੀਂ ਲਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੋਗਾ ਵਿਖੇ ਪਾਰਟੀ ਦੇ ਜੱਥੇਬੰਦਕ ਸਕੱਤਰ ਮਨਜੀਤ ਸਿੰਘ ਮੱਲਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦਾ ਦੁੱਖ ਸਾਂਝਾ ਕਰਨ ਲਈ ਆਏ ਸਨ ਇਸ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਅੰਦਰ ਸਿੱਖਾਂ ਅਤੇ ਕਿਸਾਨਾਂ ਦੀ ਹਾਲਤ ਬਹੁਤ ਗੰਭੀਰ ਹੈ। ਸ. ਮਾਨ ਨੇ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸ਼ੰਭੂ ਬਾਡਰ ਅਤੇ ਖਨੌਰੀ ਬਾਰਡਰ ’ਤੇ ਸੰਘਰਸ਼ ਕਰ ਰਿਹਾ ਹੈ, ਜਿੱਥੇ ਕਿ ਹਰਿਆਣਾ ਦੀ ਸਰਕਾਰ ਦੇ ਆਰਡਰ ’ਤੇ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਕ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਗੋਲੀ ਦਾ ਆਰਡਰ ਦੇਣ ਵਾਲੇ ਗ੍ਰਹਿ ਮੰਤਰੀ ਅਤੇ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ’ਤੇ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਡੇ ਕਾਰੋਬਾਰੀਆਂ ਦੇ ਕਰੋੜਾਂ ਦੇ ਕਰਜ਼ੇ ਮੁਆਫ ਕਰ ਸਕਦੀ ਹੈ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਹੋ ਸਕਦਾ? ਉਨ੍ਹਾਂ ਕਿਹਾ ਕਿ 1947 ਸਮੇਂ ਖੇਤੀਬਾੜੀ ਦੇ ਵਜ਼ੀਰ ਸ਼ਕਸ਼ਮ ਰਾਓ ਸਨ, ਜਿਨ੍ਹਾਂ ਨੇ ਕਿਸਾਨਾਂ ਦੇ ਕਰਜਿਆਂ ’ਤੇ ਲਕੀਰ ਮਾਰੀ ਹੈ, ਜਿਸ ਤੋਂ ਬਾਅਦ ਕਿਸਾਨਾਂ ਦੀ ਆਮਦਨ ’ਚ ਬਹੁਤ ਵਾਧਾ ਹੋ ਗਿਆ ਸੀ। ਕੇਂਦਰ ਸਰਕਾਰ ਵੱਲੋਂ ਸਿੱਖਾਂ ਅਤੇ ਘੱਟ ਗਿਣਤੀਆਂ ’ਤੇ ਕੀਤੇ ਜਾ ਰਹੇ ਜ਼ਬਰ ਬਾਰੇ ਬੋਲਦਿਆਂ ਸ. ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਆਰ.ਐਸ.ਐਸ. ਸਿੱਖਾਂ ਅਤੇ ਮੁਸਲਮਾਨਾਂ ਦੀ ਹੋਂਦ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਮੁਸਲਮਾਨਾਂ ਦੀਆਂ ਮਸਜਿਦਾਂ ਨੂੰ ਢਾਹ ਕੇ ਮੰਦਿਰ ਉਸਾਰ ਰਹੀ ਹੈ ਅਤੇ ਸਿੱਖ ਕੌਮ ਦੀ ਗੱਲ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ’ਤੇ ਜੇਲ੍ਹ ’ਚ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਉਪਰ ਨਾਜਾਇਜ਼ ਤੌਰ ’ਤੇ ਐਨ.ਐਸ.ਏ. ਦੇ ਬਣਾਏ ਗਏ ਝੂਠੇ ਕੇਸ ਨੂੰ ਤੁਰੰਤ ਰੱਦ ਕਰਕੇ ਡਿਬਰੂਗੜ੍ਹ੍ਹ ਜੇਲ੍ਹ ’ਚੋਂ ਪੰਜਾਬ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਨ੍ਹ੍ਹਾਂ ਨੂੰ ਝੂਠੇ ਕੇਸਾਂ ’ਚੋਂ ਬਰੀ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਸ. ਸਿਰਮਰਜੀਤ ਸਿੰਘ ਮਾਨ ਨੇ ਕਿਹਾ ਕਿ 1925 ਨੂੰ ਹੋਂਦ ’ਚ ਆਈ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਿਰਫ 8 ਵਾਰ ਹੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਜ਼ਰੀਏ ਲੋਕ ਸਭਾ ਅਤੇ ਵਿਧਾਨ ਸਭਾ ਲਈ ਵੋਟਾਂ ਬਣਦੀਆਂ ਹਨ, ਉਸੇ ਤਰ੍ਹਾਂ ਹੀ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਜਲਦ ਤੋਂ ਜਲਦ ਕਰਵਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਹਰਪਾਲ ਸਿੰਘ ਕੁੱਸਾ, ਬਲਦੇਵ ਸਿੰਘ, ਜਰਨੈਲ ਸਿੰਘ ਦੌਧਰ, ਲਕਸ਼ਰ ਸਿੰਘ, ਪਰਮਜੀਤ ਸਿੰਘ ਪੰਮਾ, ਸੋਹਣ ਸਿੰਘ, ਨਰੰਜਨ ਸਿੰਘ, ਨਿਰਮਲ ਸਿੰਘ ਮੀਨੀਆਂ, ਬਹਾਦਰ ਸਿੰਘ ਬੁੱਟਰ, ਗਰਪ੍ਰੀਤ ਸਿੰਘ ਯੂਥ ਆਗੂ, ਸਰਬਜੀਤ ਸਿੰਘ, ਨਸੀਬ ਸਿੰਘ, ਜਗਜੀਤ ਸਿੰਘ, ਚਮਕੌਰ ਸਿੰਘ ਖ਼ਾਲਸਾ, ਗੁਰਮੇਲ ਸਿੰਘ, ਸਵਰਨ ਕੌਰ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਮਨਜੀਤ ਸਿੰਘ ਮੱਲਾ ਦੇ ਪਰਿਵਾਰ ਨਾਲ ਹਮੇਸ਼ਾਂ ਖ਼ੜੇ ਹਨ ਅਤੇ ਉਨ੍ਹਾਂ ਦੀ ਜਵਾਨ ਪੁੱਤਰ ਦੀ ਮੌਤ ਨੂੰ ਲੈ ਕੇ ਉਨ੍ਹਾਂ ਐਸ.ਐਸ.ਪੀ. ਮੋਗਾ ਨਾਲ ਗੱਲਬਾਤ ਕੀਤੀ ਹੈ ਕਿ ਉਹ ਇਸ ਬਾਰੇ ਤਫ਼ਤੀਸ਼ ਕਰਨ ਜਿਕਰਯੋਗ ਹੈ ਕਿ ਮਨਜੀਤ ਸਿੰਘ ਮੱਲਾ ਦਾ ਸਮੂਹ ਪਰਿਵਾਰ ਕੈਨੇਡਾ ਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਪੁੱਤਰ ਸੱਚਦੀਪ ਸਿੰਘ ਮੱਲ੍ਹਾਂ ਦੀ ਘਰ ਵਿਚ ਮੌਤ ਹੋ ਗਈ ਜਿਸ ਦਾ ਸੱਚ ਅਜੇ ਤੱਕ ਸਾਹਮਣੇ ਨਹੀਂ ਆਇਆ।