ਡੇਰਾਬਸੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਪਿੰਡ ਅਮਲਾਲਾ ਤੋਂ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ।
ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹਲਕਾ ਵਿਧਾਇਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਸਰਕਾਰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਲੋਕਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ ਤੇ ਇਸ ਤਹਿਤ ਵਿਸ਼ੇਸ਼ ਕੈਂਪ ਲਾ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।
ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰੱਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।