ਡੇਰਾਬਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਨੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸੂਬੇ ਵਿਚ ਰੋਜ਼ਾਨਾ ਵੱਖ-ਵੱਖ ਸਥਾਨਾਂ ’ਤੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਵੱਲੋਂ ਦੱਸਿਆਂ ਗਿਆ ਕਿ ਸਰਕਾਰ ਵੱਲੋਂ ਸ਼ਰੂ ਕੀਤੀ ਗਈ ਮੁਹਿੰਮ ਤਹਿਤ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਵਿੱਚ ਹਰ ਰੋਜ਼ ਪਹੁੰਚ ਕੇ ਉਨਾਂ ਵੱਲੋਂ ਕੈਂਪਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 30 ਅਤੇ 31 ਬਲਟਾਣਾ, ਲਾਲੜੂ ਸਰਕਲ ਦੇ ਪਿੰਡ ਖਜੂਰ ਮੰਡੀ ਅਤੇ ਹੰਡੇਸਰਾ ਸਰਕਲ ਦੇ ਪਿੰਡ ਹਮਾਯੂੰਪੁਰ ਵਿਖੇ ਲੱਗੇ ਕੈਪ ਦੌਰਾਨ ਕੰਮ ਕਰਵਾਉਣ ਆਏ ਲੋਕਾਂ ਨਾਲ ਖੁਦ ਗੱਲਬਾਤ ਕਰਕੇ ਕੈਂਪ ਦੀ ਫੀਡਬੈਕ ਵੀ ਲਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਪਤਾ ਲੱਗਦਾ ਹੈ ਕਿ ਉਹ ਇਨ੍ਹਾਂ ਕੈਂਪਾਂ ਤੋਂ ਕਾਫੀ ਖੁਸ਼ ਹਨ ਅਤੇ ਕਈ ਲੋਕਾਂ ਦੇ ਲੰਬੇ ਸਮੇਂ ਤੋਂ ਲਟਕੇ ਕੰਮ ਕੁਝ ਘੰਟਿਆਂ ਵਿਚ ਹੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਵੀ ਇਹੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਦੀ ਸਮੁੱਚੀ ਟੀਮ ਇਨ੍ਹਾਂ ਕੈਂਪਾਂ ਨੂੰ ਸਫਲ ਬਣਾਉਣ ਵਿਚ ਕੋਈ ਕਮੀ ਨਹੀਂ ਛੱਡ ਰਹੀ ਹੈ।
ਉਨ੍ਹਾਂ ਕਿਹਾ ਕਿ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਵੱਖ-ਵੱਖ ਵਿਭਾਗ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।