ਮੋਹਾਲੀ : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਟੀਕਾਕਰਨ ਦਾ ਅੰਕੜਾ ਅੱਜ 2 ਲੱਖ ਤੋਂ ਪਾਰ ਹੋ ਗਿਆ। ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਹਤ ਵਿਭਾਗ ਦੇ ਡਾਕਟਰਾਂ, ਨਰਸਾਂ, ਵਰਕਰਾਂ, ਆਸ਼ਾ ਵਰਕਰਾਂ ਤੇ ਪੈਰਾਮੈਡੀਕਲ ਸਟਾਫ਼ ਦੇ ਸਾਂਝੇ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਅੱਜ ਤਕ ਜ਼ਿਲ੍ਹੇ ਵਿਚ 2,07,917 ਲੋਕਾਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਦਾ ਟੀਕਾ ਲਾਇਆ ਜਾ ਚੁੱਕਾ ਹੈ। ਇਸ ਵੇਲੇ ਕੋਵੀਸ਼ੀਲਡ ਅਤੇ ਕੈਵੈਕਸੀਨ ਦੇ ਇੰਜੈਕਸ਼ਨ ਲਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ 60 ਸਾਲ ਤੋਂ ਉਪਰਲੀ ਉਮਰ ਦੇ ਕੁਲ 57992 ਬਜ਼ੁਰਗਾਂ ਨੂੰ ਇੰਜੈਕਸ਼ਨ ਲਾਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 4466 ਨੂੰ ਕੋਵੈਕਸੀਨ ਦੇ ਟੀਕੇ ਲਾਏ ਗਏ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਦੂਜੀ ਖ਼ੁਰਾਕ ਦਿਤੀ ਜਾਣੀ ਹੈ। ਵੀਰਵਾਰ ਨੂੰ ਕੁਲ 12480 ਲੋਕਾਂ ਨੂੰ ਇੰਜੈਕਸ਼ਨ ਲਾਏ ਗਏ। ਡਾ. ਆਦਰਸ਼ਪਾਲ ਕੌਰ ਨੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਧਨਵਾਦ ਕੀਤਾ ਜਿਹੜੇ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੂੰ ਭਰਵਾਂ ਸਹਿਯੋਗ ਦੇ ਰਹੇ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ-ਭੈਅ ਕੋਵਿਡ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ ’ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾ ਲਗਵਾਉਣ ਮਗਰੋਂ ਵੀ ਮਾਸਕ ਪਾ ਕੇ ਰਖਣਾ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਣਾ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਪੁਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਾਥ ਤੇ ਸਹਿਯੋਗ ਅਤਿ ਲੋੜੀਂਦਾ ਹੈ।