ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ ਅਤੇ ਇਸ ਸਕੀਮ ਅਧੀਨ ਹੁਣ ਕੋਈ ਵੀ ਨਾਗਰਿਕ ਮੁਫਤ ਵਿੱਚ ਤੀਰਥ ਸਥਾਨਾਂ ਤੇ ਦਰਸ਼ਨ ਕਰ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਤੀਰਥ ਯਾਤਰਾ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਭਗੜਾਣਾ ਤੋਂ ਬੱਸ ਨੂੰ ਸ਼੍ਰੀ ਅੰਮ੍ਰਿਤਸਰ ਅਤੇ ਆਨੰਦਪੁਰ ਸਾਹਿਬ ਲਈ ਰਵਾਨਾਂ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਵਿਧਾਇਕ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੇ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਤਾਂ ਹਰੇਕ ਵਿਅਕਤੀ ਅੰਦਰ ਹੁੰਦੀ ਹੈ ਪ੍ਰੰਤੂ ਕਈ ਅਜਿਹੇ ਪਰਿਵਾਰ ਵੀ ਹਨ ਜੋ ਕਿ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਕਰਕੇ ਤੀਰਥ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹੇ ਇਸ ਮੌਕੇ ਤੀਰਥ ਯਾਤਰਾ ਸਕੀਮ ਅਧੀਨ ਬੱਸ ਵਿੱਚ ਜਾ ਰਹੇ ਪਿੰਡ ਭਗੜਾਣਾ ਦੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਇੱਕ ਸ਼ਲਾਘਾਯੋਗ ਫੈਸਲਾ ਹੈ ਜਿਸ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਨਰੋਤਮ ਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਲਖਬੀਰ ਸਿੰਘ,ਸਤੀਸ਼ ਲਟੋਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।