ਡੇਰਾਬੱਸੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਸਬ ਡਵੀਜ਼ਨ ਡੇਰਾਬਸੀ ਦੇ ਵਾਰਡ ਨੰ: 3 ਮਹਾਰਾਣਾ ਪ੍ਰਤਾਪ ਸਟੇਡੀਅਮ, ਵਾਰਡ ਨੰ: 16 ਪਿੰਡ ਜਲਾਲਪੁਰ, ਕਸੋਲੀ, ਟਰੜਕ ਅਤੇ ਸਮਗੋਲੀ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਟਰੜਕ, ਸਮਗੋਲੀ ਅਤੇ ਵਾਰਡ ਨੰ: 3 ਦੇ ਨਿਵਾਸੀਆਂ ਲਈ ਮਹਾਰਾਣਾ ਪ੍ਰਤਾਪ ਸਟੇਡੀਅਮ ਵਿੱਚ ਲੱਗੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕੈਂਪਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲ ਹੱਲ ਕੀਤੀਆਂ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪ ਲਗਪਗ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਚਲ ਰਹੇ ਹਨ।
ਇੰਨ੍ਹਾਂ ਕੈਂਪਾਂ ਦਾ ਲਾਹਾ ਲੈੱਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਨਾਲ ਸਬੰਧਤ ਆਪਣੇ ਕੰਮ ਨਿਪਟਾ ਲਏ ਹਨ, ਪੰਤੂ ਫਿਰ ਵੀ ਜੇਕਰ ਉਨ੍ਹਾਂ ਦੇ ਹੋਰ ਕੰਮ ਅਜੇ ਹੋਣੇ ਰਹਿੰਦੇ ਹਨ ਤਾਂ ਉਹ ਇੰਨ੍ਹਾਂ ਕੰਮਾਂ ਨੂੰ ਜਲਦੀ ਜਲਦੀ ਮੁਕੰਮਲ ਕਰਵਾ ਲੈਣ। ਉਨਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ। ਇਸ ਮੌਕੇ ਐਸ.ਐਚ.ਓ.ਡੇਰਾਬਸੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਮਿਊਸਪਲ ਕਮੇਟੀ ਦੇ ਨਰੇਸ਼ ਉਪਨੇਜਾ, ਐਮ.ਸੀ. ਅਤੇ ਆਮ ਆਦਮੀ ਪਾਰਟੀ ਦੀ ਟੀਮ ਹਾਜ਼ਰ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।