ਫਤਿਹਗੜ੍ਹ ਸਾਹਿਬ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਇਸ ਵਾਰ 70 ਪਾਰ ਦੇ ਦਿੱਤੇ ਟੀਚੇ ਨੂੰ ਜਮੀਨੀ ਪੱਧਰ ਤੇ ਸਫਲਤਾ ਨਾਲ ਹਾਸਲ ਕਰਨ ਵਾਸਤੇ ਜਿਲਾ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਜਿਲੇ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ ਇਹਨਾਂ ਕੈਂਪਾਂ ਵਿੱਚ ਵੋਟਰਾਂ ਨੂੰ ਈਵੀਐਮ ਤੇ ਵੀਵੀ ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਵੋਟਰ ਆਪਣੀ ਵੋਟ ਦਾ ਇਸਤੇਮਾਲ ਆਸਾਨੀ ਨਾਲ ਕਰ ਸਕਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰ ਗਿੱਲ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਜਿਲੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਈ ਆਰ ਓਜ-ਕਮ- ਐਸਡੀਐਮ ਦੀ ਨਿਗਰਾਨੀ ਹੇਠ ਚੋਣ ਅਮਲੇ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਸਾਡੇ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਦੱਸਿਆ ਕਿ ਜ਼ਿਲ੍ਹੇ ਜਿਲੇ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਮਲੋ ਅਤੇ ਬਸੀ ਪਠਾਣਾ ਦੇ ਵੱਖ ਵੱਖ ਪੋਲਿੰਗ ਬੂਥਾਂ ਉੱਤੇ ਚੋਣ ਅਮਲੇ ਵੱਲੋਂ ਵੱਡੀ ਪੱਧਰ ਤੇ ਕੈਂਪ ਲਗਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਅਤੇ ਈਵੀਐਮ ਤੇ ਵੀ ਵੀ ਪੈਟ ਮਸ਼ੀਨਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਯੂਥ ਕਲੱਬਾਂ ਵੱਲੋਂ ਨੁੱਕੜ ਨਾਟਕ ਅਤੇ ਹੋਰ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਨਾਲ ਅਸੀਂ ਆਪਣੇ ਦੇਸ਼ ਦੀ ਬੇਹਤਰੀ ਵਾਸਤੇ ਆਪਣਾ ਯੋਗਦਾਨ ਪਾ ਸਕਦੇ ਹਾਂ ਇਸ ਲਈ ਸਾਨੂੰ ਕਦੇ ਵੀ ਆਪਣੀ ਵੋਟ ਪਾਉਣ ਤੋਂ ਅਵੇਸਲੇ ਨਹੀਂ ਹੋਣਾ ਚਾਹੀਦਾ ਸਗੋਂ ਆਪਣੀ ਵੋਟ ਦਾ ਇਸਤੇਮਾਲ ਕਰਕੇ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਨਾਂ ਤਹਿਤ ਜਿੱਥੇ ਵੋਟਰ ਜਾਗਰੂਕਤਾ ਵੈਨ ਰਾਹੀਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਚੋਣ ਅਮਲੇ ਰਾਹੀਂ ਕੈਂਪ ਲਗਾ ਕੇ ਵੋਟਰਾਂ ਨੂੰ ਈਵੀਐਮ ਤੇ ਵੀਵੀ ਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।