ਫਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਜਾਣਾ ਚਾਹੀਦਾ ਹੈ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕੰਮ ਸ਼ੁਰੂ ਕੀਤਾ ਜਾ ਸਕੇ। ਇਹ ਹਦਾਇਤਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਏ.ਆਰ.ਓਜ਼ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀਆਂ ਉਹਨਾਂ ਕਿਹਾ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕੇ ਅੰਦਰ ਕੰਮ ਕਰਨ ਵਾਲੇ ਸਟਾਫ ਦੀਆਂ ਡਿਊਟੀਆਂ ਲਗਾਉਣ ਲਈ ਲਿਸਟਾਂ ਤਿਆਰ ਕਰ ਲੈਣ ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਗਠਿਤ ਕਰਕੇ ਨੋਡਲ ਅਫ਼ਸਰ ਨਿਯੁਕਤ ਕਰ ਲੈਣ ਤਾਂ ਜੋ ਵੋਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਵਾਲਾ ਕੀਤਾਬਚਾ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਗਠਿਤ ਕੀਤੀਆਂ ਗਈਆਂ ਟੀਮਾਂ ਦਾ ਇੱਕ ਵਟੱਸਐਪ ਗਰੁੱਪ ਬਣਾਇਆ ਜਾਵੇ ਜਿਸ ਰਾਹੀਂ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਸਮੇਂ-ਸਮੇਂ ਤੇ ਆਪਸ ਵਿੱਚ ਸਾਂਝੀ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਐਸ.ਪੀ. ਡੀ. ਸ੍ਰੀ ਰਾਕੇਸ਼ ਯਾਦਵ, ਐਸ.ਡੀ.ਐਮ. ਅਮਲੋਹ, ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸ੍ਰੀ ਸੰਜੀਵ ਕੁਮਾਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਸ੍ਰੀ ਅਭਿਸ਼ੇਕ ਸ਼ਰਮਾ, ਤੋਂ ਇਲਾਵਾ ਸਮੂਹ ਮਾਲ ਅਧਿਕਾਰੀ ਮੌਜੂਦ ਸਨ।