ਫਤਹਿਗੜ੍ਹ ਸਾਹਿਬ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ ਤਾਂ ਜੋ ਨਵੇਂ ਵਿਕਾਸ ਕਾਰਜਾਂ ਲਈ ਹੋਰ ਗਰਾਟਾਂ ਪ੍ਰਾਪਤ ਕੀਤੀਆਂ ਜਾ ਸਕਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਹਨਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿਹੜੇ ਨਵੇਂ ਵਿਕਾਸ ਕਾਰਜਾਂ ਲਈ ਫੰਡ ਪ੍ਰਾਪਤ ਹੋਏ ਹਨ ਉਹ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ ਕਿਉਂਕਿ ਅਗਾਮੀ ਲੋਕ ਸਭਾ ਦਾ ਕਿਸੇ ਵੀ ਸਮੇਂ ਐਲਾਨ ਹੋ ਸਕਦਾ ਹੈ ਜਿਸ ਕਾਰਨ ਚੋਣ ਜਾਬਤੇ ਦੌਰਾਨ ਕੋਈ ਵੀ ਨਵਾਂ ਕੰਮ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਲਿਸਟਾਂ ਤਿਆਰ ਕਰਨ ਅਤੇ ਉਹਨਾਂ ਤੇ ਕੰਮ ਸ਼ੁਰੂ ਕਰਵਾ ਕੇ ਉਹਨਾਂ ਦੀਆਂ ਰਿਪੋਰਟਾਂ ਤੁਰੰਤ ਭੇਜਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਈ-ਸੇਵਾ ਰਾਹੀਂ ਆਉਣ ਵਾਲੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਹੋਣ ਕਾਰਨ ਲੋਕ ਖੱਜਲ-ਖੁਆਰੀ ਤੋਂ ਬਚ ਸਕਣ। ਉਹਨਾਂ ਸਮੂਹ ਬੀ ਡੀ ਪੀ ਉਜ਼ ਅਤੇ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਨਿੱਜੀ ਤੌਰ ਤੇ ਦੌਰੇ ਕਰਕੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਸਨਾਖਤ ਕਰਕੇ ਪ੍ਰਪੋਜ਼ਲਾਂ ਬਣਾ ਕੇ ਭੇਜਣ ਤਾਂ ਜੋ ਸਰਕਾਰ ਤੋਂ ਫੰਡ ਪ੍ਰਾਪਤ ਕਰਕੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੇਰੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਅਤੇ ਪਿੰਡਾਂ ਤੇ ਸ਼ਹਿਰਾਂ ਨੂੰ ਸਾਫ਼ ਸੁਥਰਾ ਬਣਾਇਆ ਜਾਵੇ। ਸ੍ਰੀਮਤੀ ਸ਼ੇਰਗਿੱਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸੜਕਾਂ ਦਾ ਕੰਮ ਸ਼ੁਰੂ ਕਰਵਾਉਣ ਵਾਲਾ ਹੈ ਉਸ ਨੂੰ ਤੁਰੰਤ ਸ਼ੁਰੂ ਕਰਵਾਇਆਜਾਵੇ ਤਾਂ ਜੋ ਆਉਣ ਵਾਲੇ ਸਮੇਂ ਚੋਣ ਜਾਬਤਾ ਲੱਗਣ ਕਾਰਨ ਕੰਮ ਕਰਵਾਉਣ ਵਿੱਚ ਰੁਕਾਵਟ ਪੇਸ਼ ਨਾ ਹੋਵੇ ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਅਮਲੋਹ, ਸ੍ਰੀ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ ਸ੍ਰੀਮਤੀ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸ੍ਰੀ ਸੰਜੀਵ ਕੁਮਾਰ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਸ੍ਰੀ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਿਤੇਨ ਕਪਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।