ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ, ਫ਼ਤਹਿਗੜ੍ਹ ਸਾਹਿਬ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਹੋਈ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ। ਜਿਸ ਤਹਿਤ ਵਿਧਾਨ ਸਭਾ ਚੋਣ ਹਲਕਾ 54 ਬੱਸੀ ਪਠਾਣਾਂ (ਅ.ਜ) ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਵੈਰੀਫਿਕੇਸ਼ਨ ਕਰਨ 'ਤੇ ਪਾਇਆ ਗਿਆ ਕਿ 54 ਬੱਸੀ ਪਠਾਣਾਂ (ਅ.ਜ) ਦੇ ਬੂਥ ਨੰ: 111 ਪਟਵਾਰ ਖ਼ਾਨਾ ਦੀ ਇਮਾਰਤ ਦੀ ਛੱਤ ਮਹੀਨਾ ਫਰਵਰੀ- ਮਾਰਚ 2024 ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਖਰਾਬ ਹੋ ਗਈ ਹੈ। ਇਸ ਕਾਰਨ ਪੋਲਿੰਗ ਸਟੇਸ਼ਨ ਤਬਦੀਲ ਕਰਨ ਦੀ ਤਜਵੀਜ਼ ਨੂੰ ਮੀਟਿੰਗ ਵਿੱਚ ਪਾਸ ਕਰ ਕੇ ਇਸ ਬੂਥ ਨੂੰ ਐੱਸ.ਡੀ.ਏ.ਵੀ. ਮਾਡਰਨ ਕਾਸਮਿਕ ਸਕੂਲ, ਬੱਸੀ ਪਠਾਣਾਂ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਵੱਖ ਵੱਖ 201 ਵਸਤੂਆਂ ਦੀ ਰੇਟ ਲਿਸਟ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਸਮੇਂ ਪਾਲਣਾ ਹਿੱਤ ਸੌਂਪੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਹੈ ਕਿ ਚੋਣਾਂ ਸਮੇਂ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।