ਪੰਜਾਬ ਅਤੇ ਪੰਥ ਬਚਾਉਣਾ ਅਕਾਲੀ ਦਲ ਦਾ ਏਜੰਡਾ
ਸੁਨਾਮ ਵਿਖੇ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਕਿਸਾਨੀ ਮੰਗਾਂ ਨੂੰ ਲੈਕੇ ਕਿਸਾਨ ਅਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਚਾਹੇ ਤਾਂ ਅਕਾਲੀ ਦਲ ਭੂਮਿਕਾ ਨਿਭਾਉਣ ਲਈ ਤਿਆਰ ਹੈ। ਕਿਸਾਨੀ ਦੀ ਬਿਹਤਰੀ ਲਈ ਅਕਾਲੀ ਦਲ ਇਸ ਦਾ ਹੱਲ ਕੱਢਣ ਦੇ ਸਮਰੱਥ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਬਠਿੰਡਾ ਮੁੱਖ ਸੜਕ 'ਤੇ ਸਥਿਤ ਪ੍ਰੈੱਸ ਕਲੱਬ ਦੇ ਨਿਰਮਾਣ ਅਧੀਨ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਸਲਿਆਂ ਪ੍ਰਤੀ ਖੁੱਲ੍ਹੇ ਦਿਲ ਨਾਲ ਵਿਚਾਰ ਕਰਨਾ ਚਾਹੀਦਾ ਹੈ | ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਹੀ ਕੇਂਦਰ 'ਤੇ ਸਹੀ ਦਬਾਅ ਹੋਵੇਗਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਦਾ ਰਾਹ ਖੁੱਲ੍ਹੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਏਜੰਡਾ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਜੂਦਾ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲੋਕ ਲਹਿਰ ਪੈਦਾ ਕਰੇਗਾ। ਸੂਬੇ ਦੀ ਭਗਵੰਤ ਮਾਨ ਸਰਕਾਰ ਰਾਜਸੀ ਵਿਰੋਧੀਆਂ, ਪੱਤਰਕਾਰਾਂ ਤੇ ਹੋਰਨਾਂ ਪੰਜਾਬ ਪੱਖੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਡਰਾਕੇ ਸਮਾਂ ਬਤੀਤ ਕਰ ਰਹੀ ਹੈ ਜਦਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਬੋਲਣ ਦਾ ਅਧਿਕਾਰ ਹੈ। ਇੱਕ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਦੇ ਰਵੱਈਏ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਅਕਸ ਖਰਾਬ ਕੀਤਾ ਹੈ। ਕਾਂਗਰਸ ਅਤੇ 'ਆਪ' ਦੇ ਗਠਜੋੜ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਮਜਬੂਰੀ 'ਚ ਲਿਆ ਗਿਆ ਫੈਸਲਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਨੂੰ ਬਚਾਉਣ ਲਈ ਅਜਿਹੇ ਫੈਸਲੇ ਲੈ ਰਹੇ ਹਨ ਅਤੇ ਇਹ ਗੱਠਜੋੜ ਲੋਕ ਸਭਾ ਚੋਣਾਂ ਤੋਂ ਬਾਅਦ ਟੁੱਟ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ, ਪੀਏਡੀਬੀ ਦੇ ਚੇਅਰਮੈਨ ਹਰਪਾਲ ਸਿੰਘ ਖਡਿਆਲ, ਗੋਪਾਲ ਸ਼ਰਮਾ, ਗੁਰਚਰਨ ਸਿੰਘ ਧਾਲੀਵਾਲ, ਚਮਕੌਰ ਸਿੰਘ ਮੋਰਾਂਵਾਲੀ, ਸੋਹਣ ਸਿੰਘ ਭੰਗੂ, ਬਲਬੀਰ ਸਿੰਘ ਲੰਬਾ, ਰਾਣਾ ਬਾਲਟੀਆਂ ਵਾਲਾ, ਸੁਨੀਤਾ ਸ਼ਰਮਾ ਆਦਿ ਹਾਜ਼ਰ ਸਨ।