ਜ਼ਿਲ੍ਹੇ 'ਚ ਵਾਪਰਨ ਵਾਲੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼
ਜ਼ਿਲ੍ਹਾ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੰਗੀਆਂ ਇਜਾਜ਼ਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ
ਚੋਣਾਂ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕਰਨ ਲਈ ਕਿਹਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਜਾਣਕਾਰੀ ਜਾਂ ਸੂਚਨਾ ਫੈਲਦੀ ਹੈ ਤਾਂ ਉਸ ਦਾ ਖੰਡਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਚੋਣਾਂ ਦੌਰਾਨ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਵੋਟਰਾਂ ਤੱਕ ਜ਼ਰੂਰੀ ਸੰਦੇਸ਼ ਅਤੇ ਜਾਣਕਾਰੀਆਂ ਪਹੁੰਚਾਉਣ ਲਈ ਵੀ ਕੀਤੀ ਜਾਵੇ। ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਜ਼ਿਲ੍ਹੇ ਵਿਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਫੁਰਤੀ ਅਤੇ ਚੁਸਤੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ 'ਇਸ ਵਾਰ 70 ਪਾਰ' ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵਧਾਉਣ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਕਰਵਾਉਂਦੇ ਰਹਿਣ।
ਉਨ੍ਹਾਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਨੇ ਚੋਣ ਅਮਲੇ ਅਤੇ ਵੋਟਰਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਅਤੇ ਸਰਬੋਤਮ ਪੋਲਿੰਗ ਸਟੇਸ਼ਨ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਿਬਿਨ ਸੀ ਨੇ ਸਾਰੇ ਜਿਲ੍ਹਿਆਂ ਦੀਆਂ ਚੋਣ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਫੀਡਬੈਕ ਵੀ ਲਈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਾਈਆਂ ਜਾਣ ਵਾਲੀਆਂ ਕਮੇਟੀਆਂ/ਟੀਮਾਂ/ਸੈੱਲਾਂ ਨੂੰ ਸਮੇਂ ਸਿਰ ਬਣਾ ਲੈਣ ਲਈ ਕਿਹਾ। ਮੀਟਿੰਗ ਦੌਰਾਨ ਏਡੀਜੀਪੀ-ਕਮ-ਲੋਕ ਸਭਾ ਚੋਣਾਂ ਦੇ ਨੋਡਲ ਅਧਿਕਾਰੀ ਐਮ.ਐਮ. ਫਾਰੂਕੀ ਨੇ ਚੋਣਾਂ ਦੌਰਾਨ ਸੁਰੱਖਿਆ ਨਾਲ ਜੁੜੇ ਮੁੱਦਿਆਂ ਬਾਬਤ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬਾਕੀ ਸੁਰੱਖਿਆ ਫੋਰਸਾਂ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹਨ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚਲੇ ਹੋਰ ਅਧਿਕਾਰੀ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।