ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਨੇ ‘ਸਰਕਾਰ-ਵਪਾਰ ਮਿਲਣੀ’ ਵਰਗੀ ਨਿਵੇਕਲੀ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਇਸ ਖਿੱਤੇ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਦੀ ਭਲਾਈ ਲਈ ਚੁੱਕੇ ਗਏ ਕਈ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਭਾਈਚਾਰੇ ਦੇ ਲਟਕਦੇ ਮਸਲਿਆਂ ਦੇ ਹੱਲ ਲਈ ਇਹ ਸਰਕਾਰ-ਵਪਾਰ ਮਿਲਣੀਆਂ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਇਤਿਹਾਸ ਵਿੱਚ ਇਹ ਨਿਵੇਕਲਾ ਤੇ ਲਾਮਿਸਾਲ ਵਰਤਾਰਾ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਹੱਲ ਕਰ ਰਿਹਾ ਹੈ।
ਆਪਣੇ ਸੰਬੋਧਨ ਵਿੱਚ ਦੀਪਕ ਮਰਵਾਹਾ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਇੱਥੇ ਆਏ ਹਨ, ਜਦੋਂ ਕਿ ਪੁਰਾਣੇ ਸ਼ਾਸਕਾਂ ਨੇ ਕਦੇ ਵੀ ਇਸ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਮ ਆਦਮੀ ਦੀ ਭਲਾਈ ਲਈ ਕਈ ਲੋਕ-ਪੱਖੀ ਨੀਤੀਆਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਦੀ ਤਾਰੀਫ਼ ਕੀਤੀ, ਜਿਸ ਨਾਲ ਲਾਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੁੱਖ ਮੰਤਰੀ ਦੀ ਸੋਚ ਦੂਰਅੰਦੇਸ਼ ਹੈ ਅਤੇ ਉਨ੍ਹਾਂ ਵਿੱਚ ਸਮਰਪਣ ਦੀ ਭਾਵਨਾ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫਾਇਰ ਸਟੇਸ਼ਨ ਦੀ ਅਤਿ-ਆਧੁਨਿਕ ਇਮਾਰਤ ਦੇ ਨਿਰਮਾਣ ਲਈ ਨਗਰ ਨਿਗਮ ਨੂੰ 2.5 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਤੋਂ ਮੌਜੂਦਾ ਫਾਇਰ ਸਟੇਸ਼ਨ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਇਸ ਜਗ੍ਹਾ ਦੀ ਵਰਤੋਂ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਜਾਵੇਗੀ, ਜਿਸ ਨਾਲ ਬਾਜ਼ਾਰ ਵਿੱਚ ਵਾਹਨਾਂ ਦਾ ਘੜਮੱਸ ਘਟੇਗਾ
ਇਸ ਦੌਰਾਨ ਇਕ ਕਾਰੋਬਾਰੀ ਤਰੁਣ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਨਅਤ ਤੇ ਵਪਾਰ ਲਈ ਸਹਾਇਕ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਸਨਅਤ ਤੇ ਵਪਾਰ ਦੇ ਖ਼ੇਤਰ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਨਅਤੀ ਮੰਤਵ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਇਸ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਵਰਤੋਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸਨਅਤਕਾਰਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਤਕਨੀਕੀ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਹੁਸ਼ਿਆਰਪੁਰ ਇੰਡਸਟਰੀਅਲ ਏਰੀਆ ਦੇ ਪ੍ਰਧਾਨ ਸੰਜੀਵ ਸਿੰਗਲਾ ਨੇ ਸਨਅਤ ਤੇ ਵਪਾਰ ਨੂੰ ਗਤੀ ਦੇਣ ਲਈ ਸਨਅਤੀ ਖ਼ੇਤਰ ਦੇ ਵਿਕਾਸ ਦਾ ਮੁੱਦਾ ਚੁੱਕਿਆ। ਉਨ੍ਹਾਂ ਪੰਜਾਬ ਵਿੱਚ ਸਨਅਤ ਨੂੰ ਰਫ਼ਤਾਰ ਦੇਣ ਲਈ ਕਈ ਮਿਸਾਲੀ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਨਅਤੀ ਖ਼ੇਤਰ ਪੀ.ਐਸ.ਆਈ.ਈ.ਸੀ. ਨੂੰ ਸੌਂਪਿਆ ਗਿਆ ਹੈ ਅਤੇ ਇਕ ਕਰੋੜ ਰੁਪਏ ਨਾਲ ਜਲਦੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਆਉਣ ਵਾਲੇ ਦਿਨਾਂ ਲਈ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਇਸ ਖ਼ੇਤਰ ਦਾ ਮਿਸਾਲੀ ਵਿਕਾਸ ਯਕੀਨੀ ਬਣੇਗਾ।
ਇੰਟਰਨੈਸ਼ਨਲ ਟਰੈਕਟਰਜ਼ ਤੋਂ ਜੇ.ਐਸ. ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ‘ਇਨਵੈਸਟ ਪੰਜਾਬ’ ਵਰਗੀ ਸਿੰਗਲ ਵਿੰਡੋ ਸਹੂਲਤ ਪੂਰੇ ਭਾਰਤ ਵਿੱਚੋਂ ਬਿਹਤਰੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤ ਦੀ ਸਹੂਲਤ ਵਾਸਤੇ ਦੂਰ ਅੰਦੇਸ਼ ਸੋਚ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਸਨਅਤ ਦੀਆਂ ਵਧਦੀਆਂ ਲੋੜਾਂ ਲਈ ਜ਼ਿਲ੍ਹੇ ਵਿੱਚ ਨਵਾਂ ਫੋਕਲ ਪੁਆਇੰਟ ਦੇਣ ਲਈ ਮੁੱਖ ਮੰਤਰੀ ਨੂੰ ਦਖ਼ਲ ਦੀ ਅਪੀਲ ਕੀਤੀ। ਮਧੂਸੂਦਨ ਜੈਨ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਉਸ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਲਈ ਦੂਰਅੰਦੇਸ਼ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨੂੰ ਵਿਸ਼ਵਾਸ ਹੋਇਆ ਹੈ ਕਿ ਸਰਕਾਰ ਉਨ੍ਹਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹੁਸ਼ਿਆਰਪੁਰ ਦੀ ਦਸਤਕਾਰੀ ਸਨਅਤ, ਜਿਹੜੀ ਵਿਸ਼ਵ ਪ੍ਰਸਿੱਧ ਹੈ, ਨਾਲ ਸਬੰਧਤ ਮੁੱਦੇ ਚੁੱਕੇ।