ਡੇਰਾਬਸੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਵਿਖੇ ਰਾਮ ਮੰਦਿਰ ਨੇੜਿਓਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਜਵਾਲਾ ਜੀ, ਮਾਤਾ ਨੈਣਾ ਦੇਵੀ ਵਿਖੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਅੱਜ ਬਜ਼ੁਰਗ ਵੱਡੇ ਪੱਧਰ 'ਤੇ ਉਠਾ ਰਹੇ ਹਨ ਅਤੇ ਜਿਹੜੇ ਕਿਸੇ ਕਾਰਨ ਇਹਨਾਂ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਨਹੀਂ ਜਾ ਸਕਦੇ ਸਨ, ਉਹ ਵੀ ਸੰਗਤ ਦੇ ਰੂਪ ਵਿੱਚ ਇਕੱਠੇ ਹੋ ਕੇ ਆਪਣੀ ਧਾਰਮਿਕ ਆਸਥਾ ਨੂੰ ਕਾਇਮ ਰੱਖਣ ਦੇ ਲਈ ਯਾਤਰਾ 'ਤੇ ਖੁਸ਼ੀ- ਖੁਸ਼ੀ ਜਾ ਰਹੇ ਹਨ। ਸ. ਕੁਲਜੀਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੇ ਨਾਲ ਨੌਜਵਾਨ ਪੀੜੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜੇ ਜਾਣ ਦਾ ਉਪਰਾਲਾ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਤੀਰਥ ਯੋਜਨਾ ਦੇ ਚਲਦਿਆਂ ਲੋਕਾਂ ਵੱਲੋਂ ਸਾਕਾਰਤਮਕ ਹੁੰਗਾਰਾ ਮਿਲ ਰਿਹਾ ਹੈ। ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।