ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਪਿਛਲੇ ਦਿਨੀਂ ਕੌਮਾਂਤਰੀ ਔਰਤ ਦਿਹਾੜੇ ਦੇ ਸੰਬੰਧ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਿੱਚ ਸਥਾਪਿਤ ਵਿਦਿਆਰਥੀ ਕੌਂਸਲਿੰਗ ਸੈੱਲ ਤੋਂ ਕੌਂਸਲਰ ਡਾ. ਰੂਬੀ ਗੁਪਤਾ ਨੇ ਭਾਸ਼ਣ ਦਿੱਤਾ। ਉਨ੍ਹਾਂ ਆਪਣਾ ਇਹ ਭਾਸ਼ਣ ਮਨੁੱਖੀ ਸ਼ਕਤੀਕਰਨ ਦੀ ਕਲਾ ਬਾਰੇ ਦਿੱਤਾ। ਉਨ੍ਹਾਂ ਕਿਹਾ ਕਿ ਔਰਤ ਅਤੇ ਮਰਦ ਦੋਹੇਂ ਇੱਕ ਦੂਜੇ ਦੇ ਪੂਰਕ ਹਨ।
ਦੋਹਾਂ ਦੇ ਆਪਸੀ ਰਿਸ਼ਤਿਆਂ ਦੀ ਸਾਂਝੇਦਾਰੀ ਮਜ਼ਬੂਤ ਹੋਣੀ ਚਾਹੀਦੀ ਹੈ ਅਤੇ ਦੋਹੇਂ ਮਿਲ ਕੇ ਹੀ ਇੱਕ ਦੂਜੇ ਨੂੰ ਮਜ਼ਬੂਤ ਕਰ ਸਕਦੇ ਹਨ। ਨਾਰੀ ਅਧਿਐਨ ਕੇਂਦਰ ਦੇ ਮੁਖੀ ਡਾ. ਹਰਪ੍ਰੀਤ ਕੌਰ, ਜੋ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ, ਨੇ ਵੀ ਇਸ ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟ ਕੀਤੇ।