ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ ਮਰੀਜ਼ਾਂ ਦੀ ਮਦਦ ਲਈ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਉਹਨਾਂ ਨੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ। ਉਹਨਾਂ ਨੇ ਡਾਕਟਰਾਂ ਤੋਂ ਵੀ ਮਦਦ ਮੰਗੀ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਇਸ ਸਮੇਂ ਦੇਸ਼ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਦੀ ਲੋੜ ਹੈ। ਅਸੀਂ ਇਕ ਮੈਡੀਕਲ ਐਡਵਾਇਜ਼ਰੀ ਹੈਲਪਲਾਈਨ ਸ਼ੁਰੂ ਕੀਤੀ ਹੈ। ਤੁਸੀਂ ਹੁਣ +919983836838 ’ਤੇ ਫੋਨ ਕਰਕੇ ਡਾਕਟਰੀ ਸਲਾਹ ਲੈ ਸਕਦੇ ਹੋ’।
ਇਸ ਤੋਂ ਇਲਾਵਾ ਕਾਂਗਰਸ ਆਗੂ ਨੇ ਡਾਕਟਰਾਂ ਅਤੇ ਸਿਹਤ ਮਾਹਿਰਾਂ ਨੂੰ ਵੀ ਅੱਗੇ ਆ ਕੇ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਘਾਤਕ ਸਾਬਿਤ ਹੋ ਰਹੀ ਹੈ। ਇਸ ਦੌਰਾਨ ਹਰ ਰੋਜ਼ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਹਸਪਤਾਲਾਂ ਵਿਚ ਬੈੱਡ ਅਤੇ ਆਕਸੀਜਨ ਦੀ ਕਮੀਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।