ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਸਾਰੀਆਂ ਪਾਰਟੀਆਂ ਵੱਲੋਂ ਜੋਰਾਂ-ਸ਼ੋਰਾਂ ਨਾਲ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਦਰਅਸਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਸਬੰਧੀ ਹਾਲੇ ਗੱਲਬਾਤ ਜਾਰੀ ਹੈ। ਅਮਿਤ ਸ਼ਾਹ ਨੇ ਕਿਹਾ ਕਿ 2-3 ਦਿਨ ਵਿੱਚ ਇਸ ਬਾਰੇ ਸਥਿਤੀ ਸਪੱਸ਼ਟ ਹੋਵੇਗੀ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਇਨ੍ਹਾਂ ਚੋਣਾਂ ਵਿੱਚ ਇੱਕ ਟਿਕਟ ਮਿਲਣੀ ਤੈਅ ਮੰਨੀ ਜਾ ਰਹੀ ਹੈ। ਕੈਪਟਨ ਪਹਿਲਾਂ ਹੀ ਚੋਣਾਂ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਉੱਥੇ ਹੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਪਿਛਲੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਉਹ ਪਟਿਆਲਾ ਤੋਂ ਉਮੀਦਵਾਰ ਹੋ ਸਕਦੇ ਹਨ। ਉੱਥੇ ਹੀ ਬੀਤੇ ਦਿਨ ਤਰਨਜੀਤ ਸਿੰਘ ਸੰਧੂ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਜਿਸ ਕਾਰਣ ਮੰਨਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।