ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ ਤੇ ਚੋਣ ਜ਼ਾਬਤੇ ਸਬੰਧੀ ਹਰ ਇਕ ਅਧਿਕਾਰੀ ਤੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਜ਼ਾਬਤੇ ਸਬੰਧੀ ਸਹਾਇਕ ਖ਼ਰਚਾ ਅਬਜ਼ਰਵਰਜ਼ ਨਾਲ ਮੀਟਿੰਗ ਦੌਰਾਨ ਕੀਤਾ। ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਚੋਣ ਜ਼ਾਬਤੇ ਤਹਿਤ ਏ.ਈ.ਓਜ਼ ਦੀ ਭੂਮਿਕਾ ਬਹੁਤ ਅਹਿਮ ਹੈ ਤੇ ਸਮੂਹ ਏ.ਈ.ਓਜ਼ ਆਪਣੀਆਂ ਟੀਮਾਂ ਤੇ ਹੋਰ ਸਟਾਫ ਨਾਲ ਢੁਕਵਾਂ ਰਾਬਤਾ ਰੱਖਦੇ ਹੋਏ ਵੱਖ ਵੱਖ ਗਤੀਵਿਧੀਆਂ ਸਬੰਧੀ ਖਰਚਾ ਚੋਣ ਕਮਿਸ਼ਨ ਵੱਲੋਂ ਜਾਰੀ ਰੇਟਾਂ ਮੁਤਾਬਕ ਬੁੱਕ ਕਰਨਾ ਯਕੀਨੀ ਬਣਾਉਣ।
ਨਾਲ ਹੀ ਇਸ ਪ੍ਰਕਿਰਿਆ ਬਾਬਤ ਢੁਕਵਾਂ ਰਿਕਾਰਡ ਰੱਖਿਆ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਨੂੰ ਇੰਨ ਰੂਪ ਵਿੱਚ ਲਾਗੂ ਕਰਨ ਅਤੇ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਕੋਈ ਵੀ ਉਮੀਦਵਾਰ ਕਮਿਸ਼ਨ ਵੱਲੋਂ ਨਿਰਧਾਰਤ ਰਾਸ਼ੀ ਤੋਂ ਵੱਧ ਖਰਚਾ ਨਹੀਂ ਕਰ ਸਕਦਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਏ.ਈ.ਓਜ਼ ਦਾ ਇਕ ਵਿਸ਼ੇਸ਼ ਸਿਖਲਾਈ ਸੈਸ਼ਨ ਵੀ ਲਗਾਇਆ ਗਿਆ। ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਸ. ਜਸਬੀਰ ਸਿੰਘ ਸਮੇਤ ਵੱਖੋ ਵੱਖ ਅਧਿਕਾਰੀ ਹਾਜ਼ਰ ਸਨ।