ਮ੍ਰਿਤਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਵੇ ਸਰਕਾਰ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਗੁੱਜਰਾਂ ਵਿੱਚ ਕਥਿਤ ਤੌਰ ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਦਰਦਨਾਕ ਮੌਤਾਂ ਨੂੰ ਲੈਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲੇ ਵਿੱਚ ਵਾਪਰੀ ਦਰਦਨਾਕ ਘਟਨਾ ਨੇ ਸਰਕਾਰ ਦੀ ਇਮਾਨਦਾਰੀ ਅਤੇ ਗੰਭੀਰਤਾ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਗਰੂਰ ਨੂੰ ਆਪਣੀ ਸਿਆਸੀ ਰਾਜਧਾਨੀ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਸਿਤਮਜ਼ਰੀਫੀ ਇਹ ਵੀ ਹੈ ਕਿ ਸੂਬੇ ਦੇ ਕਰ ਅਤੇ ਆਬਕਾਰੀ ਮੰਤਰੀ ਦੇ ਹਲਕੇ 'ਚ ਨਜਾਇਜ਼ ਸ਼ਰਾਬ ਸ਼ਰੇਆਮ ਵਿਕ ਰਹੀ ਹੈ ਉਕਤ ਘਟਨਾ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਫੈਲੇ ਭ੍ਰਿਸ਼ਟਾਚਾਰ ਦਾ ਪ੍ਰਤੱਖ ਸਬੂਤ ਹੈ। ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਛੇ ਜਣਿਆਂ ਦੀ ਹੋਈ ਮੌਤ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਗਠਿਤ ਕੀਤੀ ਜਾਂਚ ਕਮੇਟੀ ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਸਿਰਫ਼ ਤਸੱਲੀ ਲਈ ਹੀ ਹੈ।ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਘਟਨਾ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਮੁਆਵਜ਼ਾ ਦੇਵੇ।