ਫਤਹਿਗੜ੍ਹ ਸਾਹਿਬ : ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਤੀਰਾ ਕੀਤਾ ਜਾਵੇ ਤੇ ਕਿਸੇ ਨੂੰ ਵੀ ਇਲਾਜ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ। ਉਨ੍ਹਾਂ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਹਸਪਤਾਲਾਂ ਵਿੱਚ ਹੀ ਜਣੇਪੇ ਕਰਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਜਣੇਪੇ ਸਮੇਂ ਜੱਚਾ ਬੱਚਾ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਕਮੇਟੀ ਮੈਂਬਰਾਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਔਰਤਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਾਰ ਵਾਰ ਸਮਝਾਉਣ 'ਤੇ ਵੀ ਪਿੰਡਾਂ ਦੀਆਂ ਦਾਈਆਂ ਤੋਂ ਜਣੇਪਾ ਕਰਾਉਣ ਨੂੰ ਪਹਿਲ ਦਿੰਦੀਆਂ ਹਨ, ਜਿਸ ਨਾਲ ਜੱਚੇ ਬੱਚੇ ਦੀ ਜਾਨ ਨੂੰ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡੀ.ਡੀ.ਪੀ.ਓ. ਹਿਤੇਨ ਕਪਲਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਸਮੂਹ ਐਸ.ਐਮ.ਓ ਤੇ ਹੋਰ ਅਧਿਕਾਰੀ ਹਾਜ਼ਰ ਸਨ।