ਸੁਨਾਮ : ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਸ਼ੁੱਕਰਵਾਰ ਨੂੰ ਕਈ ਸਿਆਸੀ ਆਗੂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਟਿੱਬੀ ਰਵਿਦਾਸ ਪੁਰਾ ਪੁੱਜੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਪੀੜਤ ਦੇ ਨਾਲ ਹੈ ਲੇਕਿਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਫਿਲਹਾਲ ਕੋਈ ਐਲਾਨ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਮੌਕੇ ਤੇ ਮੌਜੂਦ ਔਰਤਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਾਹਮਣੇ ਸੂਬੇ ਦੀ ਸਰਕਾਰ ਨੂੰ ਭੰਡਿਆ,ਅਖੇ ਸਾਡੇ ਬੰਦੇ ਸਰਕਾਰ ਨੇ ਮਰਵਾਏ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਪਨਾਹ ਨਾ ਦੇਣ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਰਜਿੰਦਰ ਦੀਪਾ ਵੀ ਟਿੱਬੀ ਰਵਿਦਾਸ ਪੁਰਾ ਬਸਤੀ ਪੁੱਜੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਸ਼ਹਿ ’ਤੇ ਹੀ ਅਜਿਹੀ ਜ਼ਹਿਰੀਲੀ ਸ਼ਰਾਬ ਪਿੰਡਾਂ ਵਿੱਚ ਪਹੁੰਚ ਰਹੀ ਹੈ। ਭਾਜਪਾ ਆਗੂ ਦਾਮਨ ਥਿੰਦ ਬਾਜਵਾ ਨੇ ਵੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਤੋਂ ਇਲਾਵਾ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਸਿੰਘ ਛਾਜਲੀ ਅਤੇ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਧਰਮਪਾਲ ਨਮੋਲ ਟਿੱਬੀ ਰਵਿਦਾਸ ਪੁਰਾ ਕਾਲੋਨੀ ਵਿਖੇ ਲੋਕਾਂ ਦਾ ਦਰਦ ਜਾਣਨ ਲਈ ਪੁੱਜੇ ਅਤੇ ਸਰਕਾਰ ਨੂੰ ਕੋਸਿਆ। ਮਜ਼ਦੂਰ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜਾ ਦੇਣ ਦਾ ਐਲਾਨ ਕਰੇ।