ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਪਣੇ ਹਲਕੇ ਸੰਗਰੁੂਰ ਵਿੱਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਕਾਫ਼ੀ ਗਰਮਾ ਗਿਆ ਹੈ। ਸੰਗਰੂਰ ਅਤੇ ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਲਗਪਗ 21 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਹਸਪਤਾਲ ਵਿੱਚ ਇਥੇਨਾਲ ਕੈਮੀਪਲ ਦੇ ਸ਼ਿਕਾਰ ਮਰੀਜ਼ ਲਗਾਤਾਰ ਦਮ ਤੋੜ ਰਹੇ ਹਨ। ਦੱਸਣਯੋਗ ਹੈ ਕਿ ਕੁੱਲ 40 ਦੇ ਕਰੀਬ ਮਰੀਜ਼ ਵੱਖ ਵੱਖ ਹਸਪਤਾਲਾਂ ਵਿੱਚ ਦਾਖ਼ਲ ਹੋਏ ਸਨ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ 10 ਅਤੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ 6 ਲੋਕਾਂ ਦਾ ਹਾਲੇ ਵੀ ਇਲਾਜ ਚੱਲ ਰਿਹਾ ਹੈ। ਸੰਗਰੂਰ ਦੇ ਸਿਵਲ ਹਸਪਤਾਲ ਵਿਚੋਂ 2 ਅਤੇ ਰਾਜਿੰਦਰਾ ਹਸਪਤਾਲ ਵਿਚੋਂ 1 ਮਰੀਜ਼ ਇਲਾਜ ਦੌਰਾਨ ਭੱਜ ਗਏ ਹਨ। ਮੁੱਖ ਮੰਤਰੀ ਦਾ ਹਲਕਾ ਹੋਣ ਦੇ ਨਾਲ ਵਿੱਤੀ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੀ ਇਸ ਇਲਾਕੇ ਤੋਂ ਜਿੱਤੇ ਹੋਏ ਹਨ। ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਨ। ਜ਼ਹਿਰੀਲੀ ਸ਼ਰਾਬ ਕਾਰਨ ਸੰਗਰੂਰ ਦੇ ਪਿੰਡ ਗੁੱਜਰਾਂ ਵਿੱਚ 9 ਅਤੇ ਸੁਨਾਮ ਵਿੱਚ 12 ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਗੁਆਉਣੀਆਂ ਪਈਆਂ ਹਨ। ਪੁਲਿਸ ਨੇ ਸਥਿਤੀ ਨੂੰ ਗੰਭੀਰ ਹੁੰਦੀ ਵੇਖ ਚਾਰ ਮੈਂਬਰੀ ਉੱਚ ਪੱਧਰੀ ਐਸ.ਆਈ.ਟੀ. ਦਾ ਗਠਨ ਵੀ ਕਰ ਦਿੱਤਾ ਹੈ। ਜਿਸ ਵਿੱਚ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਢਿੱਲੋਂ ਆਈ.ਪੀ.ਐਸ. ਦੀ ਅਗਵਾਈ ਵਿੱਚ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਭੁੱਲਰ ਆਈ.ਪੀ.ਐਸ., ਐਸ.ਐਸ.ਪੀ. ਸੰਗਰੁੂਰ ਸਰਤਾਜ ਚਾਹਲ ਆਈ.ਪੀ.ਐਸ. ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੀੜਤਾਂ ਨਾਲ ਮੁਲਾਕਾਤ ਕੀਤੀ ਗਈ ਹੈ। ਦੂਜੇ ਪਾਸੇ ਵਿਰੋਧੀ ਧਿਰਾਂ ਦੇ ਆਗੂ ਵੀ ਪੀੜਤਾਂ ਨੂੰ ਮਿਲ ਰਹੇ ਹਨ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੁਨਾਮ ਦੀ ਟਿੱਬੀ ਰਵਿਦਾਸ ਪੁਰਾ ਬਸਤੀ ਵਿੱਚ ਪੀੜਤਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਮਾਨੰਤਰ ਸ਼ਰਾਬ ਮਾਫ਼ੀ ਚੱਲ ਰਿਹਾ ਹੈ। ਸੁਖਪਾਲ ਸਿੰਘ ਖਹਿਰਾ ਵੱਲੋਂ ਇਸ ਨੂੰ ਵੱਡਾ ਰੈਕੇਟ ਦਸਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਦੇ ਸ਼ਰਾਬ ਕਾਂਡ ਨੂੰ ਲੈ ਕੇ ਬਹੁਤ ਸਖ਼ਤ ਟਿੱਪਣੀਆਂ ਵੀ ਕੀਤੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ੁੰਮੇਵਾਰ ਦਸਿਆ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਦ ਮੈਂਬਰ ਹੁੰਦਿਆਂ ਅੰਮ੍ਰਿਤਸਰ ਦੇ ਸ਼ਰਾਬ ਹਾਦਸੇ ਮੌਕੇ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਪਰ ਹੁਣ ਤਾਂ ਉਨ੍ਹਾਂ ਦੇ ਅਪਣੇ ਹਲਕੇ ਵਿੱਚ ਹੀ ਅਜਿਹਾ ਹੋ ਰਿਹਾ ਹੈ। ਇਸ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਅਤੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਰਕਾਰ ਤੋਂ ਪੀੜਤਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਦਸਣਯੋਗ ਹੈ ਕਿ ਸੰਗਰੂਰ ਦਾ ਸ਼ਰਾਬ ਕਾਂਡ ਆਪ ਸਰਕਾਰ ਵਾਸਤੇ ਮੁਸ਼ਕਲਾਂ ਖੜੀਆਂ ਕਰ ਸਕਦਾ ਹੈ। ਵਿਰੋਧੀ ਧਿਰਾਂ ਦੇ ਆਗੂ ਪੀੜਤਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਆ ਰਹੇ ਹਨ। ਚੋਣਾਂ ਦੇ ਮੱਦੇਨਜ਼ਰ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁਸੀਬਤ ਵਿੱਚ ਫ਼ਸੀ ਹੋਈ ਹੈ।