ਸੁਨਾਮ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਸੰਗਰੂਰ ਅੰਦਰ ਕਥਿਤ ਤੌਰ ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਦੋ ਦਰਜ਼ਨ ਦੇ ਕਰੀਬ ਮੌਤਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਮੌਜੂਦਾ ਸਮੇਂ ਸਮਾਨੰਤਰ ਸ਼ਰਾਬ ਮਾਫੀਆ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਕਤ ਮਾਮਲੇ ਦੀ ਸਰਕਾਰ ਵੱਲੋਂ ਬਣਾਈ ਪੜਤਾਲੀਆ ਜਾਂਚ ਕਮੇਟੀ ਨੂੰ ਮੁੱਢੋਂ ਰੱਦ ਕਰਦੀ ਹੈ, ਇਸ ਅਤੀ ਗੰਭੀਰ ਮਾਮਲੇ ਦੀ ਜ਼ੁਡੀਸ਼ੀਅਲ ਜਾਂਚ ਕਰਵਾਈ ਜਾਵੇ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐਤਵਾਰ ਨੂੰ ਸੁਨਾਮ ਦੇ ਟਿੱਬੀ ਰਵਿਦਾਸਪੁਰਾ ਵਿਖੇ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨਾਂ ਗੁਆ ਚੁੱਕੇ ਪਰਿਵਾਰਾਂ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਮਾਨੰਤਰ ਸ਼ਰਾਬ ਮਾਫੀਆ ਚੱਲ ਰਿਹਾ ਹੈ। ਇਹ ਇੱਕ ਵੱਡਾ ਰੈਕੇਟ ਹੈ ਅਤੇ ਮੁੱਖ ਮੰਤਰੀ ਦੇ ਜ਼ਿਲ੍ਹੇ ਅਤੇ ਆਬਕਾਰੀ ਮੰਤਰੀ ਦੇ ਇਲਾਕੇ ਵਿੱਚ ਨਕਲੀ ਸ਼ਰਾਬ ਦਾ ਧੰਦਾ ਫੈਲਿਆ ਹੋਇਆ ਹੈ। ਕਾਂਗਰਸ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਸਰ 'ਚ ਸ਼ਰਾਬ ਪੀਣ ਨਾਲ ਮੌਤਾਂ ਹੋਈਆਂ ਸਨ ਤਾਂ ਉਸ ਸਮੇਂ ਭਗਵੰਤ ਮਾਨ ਨੇ ਸੰਸਦ ਮੈਂਬਰ ਹੁੰਦਿਆਂ ਸਰਕਾਰ ਦੇ ਨੁਮਾਇੰਦਿਆਂ ਤੇ ਕਤਲ ਦਾ ਮੁਕੱਦਮਾ ਦਰਜ਼ ਕਰਨ ਦੀ ਮੰਗ ਕੀਤੀ ਸੀ ਲੇਕਿਨ ਹੁਣ ਮੁੱਖ ਮੰਤਰੀ ਦੇ ਜ਼ਿਲ੍ਹੇ ਅਤੇ ਆਮ ਆਦਮੀ ਪਾਰਟੀ ਦੀ ਰਾਜਧਾਨੀ ਵਿੱਚ ਅਜਿਹਾ ਕੁੱਝ ਵਾਪਰ ਰਿਹਾ ਹੈ। ਇਸ ਲਈ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਭਗਵੰਤ ਮਾਨ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ ਸਥਿਤ ਇੱਕ ਕੰਪਨੀ ਦਾ ਹਵਾਲਾ ਦੇ ਕੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੇ ਇਸ ਕੰਪਨੀ ਨੂੰ ਈਥਾਨੌਲ ਦੇ ਦੋ ਲਾਇਸੈਂਸ ਜਾਰੀ ਕੀਤੇ ਹਨ, ਕੀ ਇਸ ਕੰਪਨੀ ਤੋਂ ਚੋਣਾਂ ਲਈ ਫੰਡ ਲਿਆ ਜਾ ਰਿਹਾ ਹੈ ? ਉਨ੍ਹਾਂ ਪੀੜਤਾਂ ਨੂੰ 25 - 25 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ। ਇਸ ਮੌਕੇ ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਕਿਸਾਨ ਸੈੱਲ ਦੇ ਕੌਮੀ ਕੋਆਰਡੀਨੇਟਰ ਰਾਹੁਲਇੰਦਰ ਸਿੰਘ ਸਿੱਧੂ ਭੱਠਲ, ਕਾਂਗਰਸ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ , ਕਾਂਗਰਸ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ, ਧੰਨਜੀਤ ਸਿੰਘ ਸੇਖੋਂ , ਕਰਮਜੀਤ ਕੌਰ ਮਾਡਲ ਟਾਊਨ, ਜਗਦੇਵ ਸਿੰਘ ਦੌਲਾਵਾਲਾ , ਜਸਵੰਤ ਸਿੰਘ ਭੰਮ, ਸ਼ੇਰ ਸਿੰਘ ਤੋਲਾਵਾਲ ਸਮੇਤ ਹੋਰ ਆਗੂ ਹਾਜ਼ਰ ਸਨ | .