ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਟਿੱਬੀ ਰਵਿਦਾਸਪੁਰਾ ਵਿਖੇ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੀੜਤ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਪਣੇ ਇਲਾਕੇ ਸੁਨਾਮ ਵਿੱਚ ਵਾਪਰੀ ਅਤੀ ਦੁਖਦਾਈ ਘਟਨਾ ਵਿੱਚ ਮਾਰੇ ਗਏ ਕਰੀਬ ਇੱਕ ਦਰਜ਼ਨ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣਾ ਵੀ ਮੁੱਖ ਮੰਤਰੀ ਨੇ ਵਾਜਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਗੁੱਜਰਾਂ ਵਿੱਚ ਵੀ ਮੁੱਖ ਮੰਤਰੀ ਅਣ ਸਰਦੇ ਨੂੰ ਆਇਆ ਜਦੋਂ ਲੋਕ ਅਤੇ ਵਿਰੋਧੀ ਪਾਰਟੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਗੁੱਜਰਾਂ ਪਿੰਡ ਵਿੱਚ ਆਉਣ ਸਮੇਂ ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਮਿਲਣ ਹੀ ਨਹੀਂ ਦਿੱਤਾ ਸਗੋਂ ਇੱਕ ਪਰਿਵਾਰ ਦੇ ਮੈਂਬਰਾਂ ਨੂੰ ਲਿਆਕੇ ਮਿਲਾ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਮੰਤਰੀ ਰਹਿਣ ਦੇ ਲਾਇਕ ਨਹੀਂ ਹੈ, ਜਿਹੜਾ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਆਉਣ ਮੌਕੇ ਇਹ ਕਹਿੰਦਾ ਹੋਵੇ ਕਿ ਇਨ੍ਹਾਂ ਨੇ ਕਿਹੜਾ ਸ਼ਰਾਬ ਅਧਿਕਾਰਤ ਠੇਕੇ ਤੋਂ ਖਰੀਦਕੇ ਪੀਤੀ ਸੀ। ਅਜਿਹੇ ਗੈਰ ਜ਼ਿੰਮੇਵਰਾਨਾ ਬਿਆਨ ਦੇਣ ਵਾਲੇ ਮੰਤਰੀ ਨੂੰ ਮੰਤਰੀ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹੋਣ ਵਾਲੇ ਕਿਸੇ ਵੀ ਗੈਰਕਾਨੂੰਨੀ ਢੰਗ ਨਾਲ ਹੋਣ ਵਾਲੇ ਕੰਮ ਲਈ ਜ਼ਿੰਮੇਵਾਰੀ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਜ਼ਿਲ੍ਹੇ ਅੰਦਰ ਅੰਦਰ ਹੋਈਆਂ ਵੀਹ ਮੌਤਾਂ ਲਈ ਜ਼ਿੰਮੇਵਾਰ ਆਬਕਾਰੀ ਤੇ ਪੁਲਿਸ ਦੇ ਐਸ ਐਚ ਓ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ ਕਰਨ ਲਈ ਗਠਿਤ ਕੀਤੀ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅਕਾਲੀ ਦਲ ਨੂੰ ਪ੍ਰਵਾਨ ਨਹੀਂ, ਉਕਤ ਅਤੀ ਸੰਜੀਦਾ ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ 28 ਮਾਰਚ ਤੱਕ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ 20-20 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਨਾ ਦਿੱਤੀ ਤਾਂ ਸ਼੍ਰੋਮਣੀ ਅਕਾਲੀ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦੇਕੇ ਰੋਸ ਪ੍ਰਦਰਸ਼ਨ ਕਰੇਗਾ। ਇਸ ਮੌਕੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਿਨਰਜੀਤ ਸਿੰਘ ਗੋਲਡੀ, ਰਾਜਿੰਦਰ ਦੀਪਾ, ਅਮਨਬੀਰ ਸਿੰਘ ਚੈਰੀ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਇਕਬਾਲ ਸਿੰਘ ਝੂੰਦਾਂ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਮਨਿੰਦਰ ਸਿੰਘ ਲਖਮੀਰਵਾਲਾ, ਗਗਨਜੀਤ ਸਿੰਘ ਬਰਨਾਲਾ, ਸੁਨੀਤਾ ਸ਼ਰਮਾ,ਤੇਜਾ ਸਿੰਘ ਕਮਾਲਪੁਰ, ਤੇਜਿੰਦਰ ਸਿੰਘ ਸੰਘਰੇੜੀ ਸਮੇਤ ਹੋਰ ਆਗੂ ਹਾਜ਼ਰ ਸਨ।