ਸੁਨਾਮ : ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਲਗਾਤਾਰ ਤਿੰਨ ਵਾਰ ਕਾਂਗਰਸ ਦੀ ਟਿਕਟ ਤੇ ਸੰਸਦ ਮੈਂਬਰ ਬਣੇ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ, ਅਕਸ਼ੈ ਸ਼ਰਮਾ, ਹਰਮਨਦੇਵ ਸਿੰਘ ਬਾਜਵਾ ਅਤੇ ਅਮਰਦੀਪ ਸਿੰਘ ਗਰੇਵਾਲ ਮੌਜ਼ੂਦ ਰਹੇ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ ਹੈ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਇਸ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਭਾਰੀ ਜਿੱਤ ਦਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਕਾ ਵਿਕਾਸ, ਸਭ ਕਾ ਸਾਥ ਦਾ ਨਾਅਰਾ ਬੁਲੰਦ ਕਰਕੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਈ ਯੋਜਨਾਵਾਂ ਕੇਂਦਰ ਸਰਕਾਰ ਨੇ ਲਾਗੂ ਕੀਤੀਆਂ ਗਈਆਂ ਹਨ ਅਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਕਿਸਾਨ ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਗੰਭੀਰ ਹੈ।