ਸੁਨਾਮ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਵਾਲੇ ਪੀੜਤ ਪਰਿਵਾਰਾਂ ਦਾ ਹਾਲ ਚਾਲ ਪੁੱਛਿਆ। ਸਾਬਕਾ ਮੁੱਖ ਮੰਤਰੀ ਨੇ ਹਰ ਪੀੜਤ ਦੇ ਘਰ ਪਹੁੰਚਕੇ ਉਕਤ ਘਟਨਾ ਦੀ ਡੂੰਘਾਈ ਨਾਲ ਪੂਰੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਜ਼ਹਿਰ ਵਿਕ ਰਿਹਾ ਹੈ। ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਹਾਲਾਤ ਨੇ ਪੂਰੇ ਪੰਜਾਬ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ। ਸ਼ਰਾਬ ਪੀਣਾ ਕੋਈ ਗੁਨਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਸ਼ਾਮਲ ਲੋਕ ਵੀ ਸ਼ਰਾਬ ਪੀਂਦੇ ਹੋਣਗੇ, ਫਿਰ ਗਰੀਬਾਂ ਨੂੰ ਜ਼ਹਿਰ ਕਿਉਂ ਦਿੱਤਾ ਜਾ ਰਿਹਾ ਹੈ ? ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ 22 ਪਰਿਵਾਰ ਅਨਾਥ ਹੋ ਗਏ ਹਨ ਅਤੇ ਸਰਕਾਰ ਨੌਕਰੀਆਂ ਅਤੇ ਮੁਆਵਜ਼ਾ ਦੇਣ ਦੀ ਗੱਲ ਨਹੀਂ ਕਰ ਰਹੀ ਜਦਕਿ ਪਸ਼ੂ ਮਰਨ 'ਤੇ ਵੀ ਮੁਆਵਜ਼ਾ ਦਿੱਤਾ ਜਾਂਦਾ ਹੈ। ਇਸ ਸਰਕਾਰ ਨੂੰ ਇਨਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਦਾ ਸ਼ਿਕਾਰ ਹੋਏ ਪਰਿਵਾਰਕ ਮੈਂਬਰਾਂ ਦੇ ਜ਼ਖਮਾਂ 'ਤੇ ਮੱਲ੍ਹਮ ਲਾਉਣ ਦੀ ਬਜਾਏ ਲੂਣ ਛਿੜਕਿਆ ਗਿਆ ਹੈ। ਸਰਕਾਰ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ ਵਿਅਕਤੀ ਗਰੀਬ ਅਤੇ ਦਲਿਤ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਜੇਕਰ ਪ੍ਰਮਾਤਮਾ ਮੇਹਰ ਕਰੇ ਤਾਂ ਕਾਂਗਰਸ ਦੀ ਸਰਕਾਰ ਬਣਨ 'ਤੇ ਸਾਰਿਆਂ ਨੂੰ ਨੌਕਰੀ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ, ਰਿੰਪਲ ਧਾਲੀਵਾਲ, ਜਗਦੇਵ ਸਿੰਘ ਦੌਲਾ ਸਿੰਘ ਵਾਲਾ, ਸੁਰਿੰਦਰ ਸਿੰਘ ਭਰੂਰ , ਪਵਨਜੀਤ ਸਿੰਘ ਹੰਝਰਾ, ਕ੍ਰਿਪਾਲ ਸਿੰਘ ਭੰਗੂ, ਸੱਤਪਾਲ ਫ਼ਤਹਿਗੜ੍ਹ, ਬਲਜਿੰਦਰ ਸਿੰਘ ਖਡਿਆਲ, ਕਰਮਜੀਤ ਕੌਰ ਮਾਡਲ ਟਾਊਨ, ਬਲਕਾਰ ਸਿੰਘ ਚੌਹਾਨ, ਜਸਵੰਤ ਸਿੰਘ ਭੰਮ ਆਦਿ ਹਾਜ਼ਰ ਸਨ।