ਫ਼ਤਹਿਗੜ੍ਹ ਸਾਹਿਬ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਕਾਲਜ ਬੱਚਿਆਂ ਲਈ ਜਾਗਰੂਕਤਾ ਪ੍ਰੋਗ੍ਰਾਮ ਅਤੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਤੇ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਨਿਰਦੇਸ਼ਕ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਪਰਾਲੀ ਪ੍ਰਬੰਧਨ ਸੰਬਧੀ ਜਾਗਰੂਕਤਾ ਮੁਹਿੰਮ ਵਿਚ ਬੱਚਿਆਂ ਦੀ ਭੂਮਿਕਾ ਬਾਰੇ ਦੱਸਿਆ। ਉਹਨਾ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ- ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਅਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਡਾ: ਅਜੇ ਕੁਮਾਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਦੀ ਸਿਹਤ ਨੂੰ ਸੁਧਾਰਨ ਲਈ ਮਿੱਟੀ ਪਰਖ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਅਰਵਿੰਦ ਪ੍ਰੀਤ ਕੌਰ ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਵਿਦਿਆਰਥੀਆਂ ਨੂੰ ਸਬਜ਼ੀਆਂ ਦੇ ਉਤਪਾਦਨ ਅਤੇ ਖੁੰਬਾਂ ਦੀ ਕਾਸ਼ਤ ਵਿੱਚ ਝੋਨੇ ਦੀ ਪਰਾਲੀ ਦੀ ਵਰਤੋਂ ਬਾਰੇ ਜਾਣੂ ਕਰਵਾਇਆ।
ਇਸ ਕੈੰਪ ਦੌਰਾਨ ਡਾ ਮਨੀਸ਼ਾ ਭਾਟੀਆ ਸਹਾਇਕ ਪ੍ਰੌਫੈਸਰ (ਗ੍ਰਹਿ ਵਿਗਿਆਨ) ਨੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ, ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।
ਡਾ. ਐਚ ਕੇ ਸਿੱਧੂ, ਡੀਨ, ਖੇਤੀਬਾੜੀ ਅਤੇ ਜੀਵਨ ਵਿਗਿਆਨ ਵਿਭਾਗ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਵਿਦਿਆਰਥੀਆਂ ਨੂੰ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡਾ. ਦਲਵਿੰਦਰਜੀਤ ਸਿੰਘ ਬੈਨੀਪਾਲ, ਪ੍ਰੋਫੈਸਰ, ਖੇਤੀਬਾੜੀ ਨੇ ਵਿਦਿਆਰਥੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਰੁਝਾਨ ਬਾਰੇ ਕਿਸਾਨਾਂ ਨੂੰ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਵਿਭਾਗ ਦੇ ਪ੍ਰੋਫੈਸਰ ਡਾ: ਦੀਪਇੰਦਰ ਪਾਲ ਸਿੰਘ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪ੍ਰੋਗਰਾਮ ਆਯੋਜਿਤ ਕਰਨ ਲਈ ਕੇ.ਵੀ. ਕੇ. ਦਾ ਧੰਨਵਾਦ ਕੀਤਾ।