ਐਸ ਏ ਐਸ ਨਗਰ : ਕੋਰੋਨਾ ਬਿਮਾਰੀ ਦੀ ਦੂਜੀ ਲਹਿਰ ਤੇ ਕਾਬੂ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵਿਅਕਤੀ ਨੂੰ ਕਰੋਨਾ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ, ਜੋ ਕਿ ਬਿਲਕੁੱਲ ਸੁਰੱਖਿਅਤ ਹੈ। ਇਸ ਵੈਕਸੀਨ ਦਾ ਲਾਭ ਵੱਡੀ ਗਿਣਤੀ ਨਾਗਰਿਕ ਲੈ ਚੁੱਕੇ ਹਨ ਅਤੇ ਕਿਸੇ ਨੂੰ ਵੀ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ। ਇਹ ਗੱਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਪਣੇ ਭਰਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਅਜੀਤਪਾਲ ਸਿੰਘ ਸਿੱਧੂ ਨਾਲ ਵੈਸ਼ਨੂੰ ਮਾਤਾ ਮੰਦਿਰ, ਫੇਜ਼ 3 ਏ ਵਿਖੇ ਲਾਏ ਵਿਸ਼ੇਸ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਉਪਰੰਤ ਆਖੀ।
ਇਸ ਕੈਂਪ ਵਿੱਚ 280 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਸੰਸਥਾਗਤ ਟੀਕਾਕਰਨ ਮੁਹਿੰਮ ਤੋਂ ਇਲਾਵਾ ਵੱਖ ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕੇ ਵਿੱਚ ਵੀ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਲਈ ਮੋਬਾਈਲ ਟੀਕਾਕਰਨ ਟੀਮਾਂ ਭੇਜੀਆਂ ਜਾ ਰਹੀਆਂ ਹਨ।
ਉਹਨਾਂ ਨੇ ਲੋਕਾਂ ਨੂੰ ਅਪੀਲ ਕਿ ਕੋਰੋਨਾ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਟੀਕਾਕਰਨ ਹੋਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦਾ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ। ਇਸੇ ਵਿੱਚ ਹੀ ਸਾਰੀ ਮਨੁੱਖਤਾ ਦੀ ਭਲਾਈ ਹੈ।
ਜੇਕਰ ਕੋਈ ਵਿਅਕਤੀ ਆਪਣੇ ਪਿੰਡ ਜਾਂ ਵਾਰਡ ਵਿੱਚ ਕੋਵਿਡ ਵੈਕਸੀਨੇਸ਼ਨ ਸਬੰਧੀ ਕੈਂਪ ਲਗਵਾਉਣਾ ਚਾਹੁੰਦਾ ਹੈ ਜਾਂ ਮੋਬਾਇਲ ਟੀਮ ਬੁਲਾਉਣਾ ਚਾਹੁੰਦਾ ਹੈ ਤਾਂ ਸਿਹਤ ਸੰਸਥਾਵਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰ ਸਕਦਾ ਹੈ।
ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਇਨ੍ਹਾਂ ਦੇ ਨਾਲ ਨਾਲ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉਤੇ ਜਾਰੀ ਹੈ। ਇਸ ਲਈ ਲੋਕ ਅੱਗੇ ਹੋ ਕੇ ਵੈਕਸੀਨੇਸ਼ਨ ਕਰਵਾਉਣ।
ਇਸ ਮੌਕੇ ਪ੍ਰਬੰਧਕ ਨਰਿੰਦਰ ਕੌਸ਼ਲ, ਸੰਜੈ ਬੱਗਾ, ਵਿਪਨ ਗਰਗ ਸਮੇਤ ਸ਼ਹਿਰ ਵਾਸੀ ਹਾਜ਼ਰ ਸਨ।