ਪਟਿਆਲਾ : ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਪਾਤਸ਼ਾਹੀ ਛੇਵੀਂ ਤੇ ਨੌਵੀਂ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਕਰਹਾਲੀ ਸਾਹਿਬ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 101 ਦੇ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਦਾ ਸੰਕਲਪ ਲਿਆ। ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ ਅਤੇ ਅੱਜ ਲੋੜ ਹੈ ਕਿ ਮਨੁੱਖਤਾ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਗੁਰੂ ਸਾਹਿਬਾਨ ਵਾਲੇ ਵਿਖਾਏ ਮਾਰਗ ’ਤੇ ਚੱਲੇ।
ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਖੰਡੇ ਬਾਟੇ ਦੀ ਪਹੁਲ ਤਿਆਰ ਕਰਨ ਲਈ ਪੰਜ ਪਿਆਰੇ ਸਾਹਿਬਾਨ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਕੀ ਕਾਂਸੀ ਤੋਂ ਸੰਗਤਾਂ ਦੀ ਸੇਵਾ ਕਰਨ ਲਈ ਹਾਜ਼ਰ ਹੋਏ ਸਨ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਇਸ ਵਿਸਾਖੀ 2024 ਦੇ ਸੁਭ ਦਿਹਾੜੇ ਤੇ 101 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਹਨ ਜੋ ਕਿ ਬਹੁਤ ਹੀ ਵਧਾਈ ਦੇ ਪਾਤਰ ਅਤੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਅਣਮੁੱਲੀ ਦਾਤ ਪ੍ਰਾਪਤ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੰਤ ਵਿਚ ਉਨ੍ਹਾਂ ਗੁਰਮਤਿ ਸਮਾਗਮ ਵਿਚ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਧਨਵੰਤ ਸਿੰਘ, ਇੰਸ. ਹਰਦੇਵ ਸਿੰਘ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਮਨਜੀਤ ਸਿੰਘ, ਗੁਰਮੁੱਖ ਸਿੰਘ, ਗੁਰਬਾਜ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਆਦਿ ਹਾਜਰ ਸਨ।