ਪਟਿਆਲਾ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਆਮ ਆਦਮੀ ਪਾਰਟੀ ਅਤੇ ਇਸ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ ਹੈ।
ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫਤਰ ਵਿਖੇ ਹੋਈ ਪ੍ਰੈਸ ਕਾਨਫਰੰਸ ਵਿੱਚ ਪ੍ਰਨੀਤ ਕੌਰ ਨੇ ਕਿਹਾ, “ਅਰਵਿੰਦ ਕੇਜਰੀਵਾਲ ਬਾਰੇ ਮਾਣਯੋਗ ਹਾਈਕੋਰਟ ਦੀਆਂ ਟਿੱਪਣੀਆਂ ਨੇ ਇਹ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਦਾਗੀ ਸ਼ਰਾਬ ਨੀਤੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਬਣਾਈ ਗਈ ਸੀ ਅਤੇ ਉਹ ਦਾ ਇਸ ਵਿੱਚ ਪੂਰਾ ਹੱਥ ਸੀ। ਇਹ ਆਮ ਆਦਮੀ ਪਾਰਟੀ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਇਹ ਕਹਿ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਰਾਜਨੀਤੀ ਤੋਂ ਪ੍ਰੇਰਿਤ ਹੈ।"
ਉਨ੍ਹਾਂ ਨੇ ਅੱਗੇ ਕਿਹਾ, "ਅਰਵਿੰਦ ਕੇਜਰੀਵਾਲ 9 ਸੰਮਨਾਂ ਦੇ ਬਾਅਦ ਵੀ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਨਹੀਂ ਹੋਏ, ਜੋਕਿ ਸਪੱਸ਼ਟ ਤੌਰ 'ਤੇ ਓਹਨਾ ਦਾ ਦੋਸ਼ ਅਤੇ ਡਰ ਦਰਸਾਉਂਦੇ ਹਨ। ਇਸ ਕੇਸ ਵਿੱਚ ਸਹੀ ਕਾਨੂੰਨੀ ਪ੍ਰਕਿਰਿਆ ਦੀ ਪਾਲਣ ਕੀਤਾ ਗਿਆ ਹੈ ਅਤੇ ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇੱਕ ਮੁੱਖ ਮੰਤਰੀ ਅਤੇ ਇੱਕ ਆਮ ਵਿਅਕਤੀ ਲਈ ਨਿਯਮ ਵੱਖ-ਵੱਖ ਨਹੀਂ ਹਨ। ਆਮ ਆਦਮੀ ਪਾਰਟੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇ ਰਿਹਾ ਸੀ ਜਦੋਂ ਕਿ ਅਦਾਲਤ ਨੇ ਮੰਨਿਆ ਹੈ ਕਿ ਉਹ ਦਿੱਲੀ ਸ਼ਰਾਬ ਘੁਟਾਲੇ ਦੀ ਨੀਤੀ ਬਣਾਉਣ ਅਤੇ ਸਾਜ਼ਿਸ਼ ਰਚਣ ਦਾ ਮੁੱਖ ਅਭਿਨੇਤਾ ਸੀ।" "ਅਖੌਤੀ ਇਮਾਨਦਾਰ ਅਰਵਿੰਦ ਕੇਜਰੀਵਾਲ ਦਾ ਨਕਾਬ ਅੱਜ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ। ਇਹ ਸ਼ਰਮਨਾਕ ਹੈ ਕਿ ਦਿੱਲੀ ਦਾ ਅਕਸ ਵੀ ਸ਼ਰਾਬ ਦੇ ਇਸ ਘੁਟਾਲੇ ਕਾਰਨ ਵਿਸ਼ਵ ਪੱਧਰ 'ਤੇ ਖਰਾਬ ਹੋਇਆ ਹੈ। ਹੁਣ ਜਦੋਂ ਕਿ ਅਦਾਲਤ ਨੇ ਵੀ ਉਨ੍ਹਾਂ ਦੀ ਭੂਮਿਕਾ ਨੂੰ ਬਰਕਰਾਰ ਰੱਖਿਆ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ।'' ਪ੍ਰਨੀਤ ਕੌਰ ਨਾਲ ਇਸ ਮੌਕੇ ਤੇ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੇ ਪ੍ਰਧਾਨ ਬੀਬਾ ਜੈ ਇੰਦਰ ਕੌਰ ਵੀ ਮੌਜੂਦ ਰਹੇ।