ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਅੰਦਰ ਪ੍ਰਭਾਵੀ ਦਲ ਬਦਲੀ ਕਾਨੂੰਨ ਬਣਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਸਿਆਸਤਦਾਨਾਂ ਵੱਲੋਂ ਪਾਰਟੀਆਂ ਬਦਲਣ ਦੇ ਰੁਝਾਨ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਸਵੇਰ, ਦੁਪਹਿਰ ਅਤੇ ਸ਼ਾਮ ਨੂੰ ਪਤਾ ਨਹੀਂ ਕਦੋਂ ਅਤੇ ਕਿਹੜਾ ਆਗੂ ਕਿਹੜੀ ਪਾਰਟੀ ਵਿੱਚ ਸ਼ਾਮਿਲ ਹੋ ਜਾਵੇਗਾ। ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਸਿਆਸੀ ਸਹਿਮਤੀ ਨਾਲ ਪ੍ਰਭਾਵੀ ਦਲ ਬਦਲੀ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਦੀ ਜੜ੍ਹ ਭਾਜਪਾ ਹੈ ਅਤੇ ਵਿਰੋਧੀ ਸਰਕਾਰਾਂ ਨੂੰ ਡੇਗਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਭਾਜਪਾ ਵਿਰੋਧੀ ਧਿਰ ਮੁਕਤ ਭਾਰਤ ਦਾ ਨਾਅਰਾ ਲੈ ਕੇ ਅੱਗੇ ਵਧ ਰਹੀ ਹੈ, ਜੋ ਕਿ ਮੰਦਭਾਗਾ ਹੈ ਅਤੇ ਲੋਕਤੰਤਰ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪ੍ਰੈਸ ਕਲੱਬ ਦੇ ਨਵੇਂ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗੇਗੀ। ਭ੍ਰਿਸ਼ਟਾਚਾਰ ’ਤੇ ਕਾਬੂ, ਸਿੱਖਿਆ ਤੇ ਸਿਹਤ ਪ੍ਰਣਾਲੀ ਵਿੱਚ ਸੁਧਾਰ, 43 ਹਜ਼ਾਰ ਨੌਕਰੀਆਂ, ਮੁਫ਼ਤ ਬਿਜਲੀ, ਖੇਤਾਂ ਵਿੱਚ ਨਹਿਰੀ ਪਾਣੀ ਆਦਿ ਲੋਕਾਂ ਦੇ ਸਾਹਮਣੇ ਹਨ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾ ਰਹੇ ਹਨ। ਪਰ ਕਾਂਗਰਸ ਅਤੇ ਗਾਂਧੀ ਪਰਿਵਾਰ ਦੀ ਸਮੁੱਚੀ ਕੌਮੀ ਲੀਡਰਸ਼ਿਪ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅਤੇ ਲੋਕਤੰਤਰ ਨੂੰ ਬਚਾਉਣ ਲਈ ਰੈਲੀ ਕੀਤੀ। ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਿਅੰਗ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ਼ੰਭੂ ਸਰਹੱਦ ਤੋਂ ਪਾਰ ਕਿਸੇ ਵੀ ਕਾਂਗਰਸੀ ਆਗੂ ਦੀ ਦਿੱਲੀ ਵਿੱਚ ਸੁਣਵਾਈ ਨਹੀਂ ਹੁੰਦੀ। ਪੰਜਾਬ ਕਾਂਗਰਸ ਦਾ ਇਹ ਵਤੀਰਾ ਪੰਜਾਬ ਵਿੱਚੋਂ ਕਾਂਗਰਸ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗਾ। ਜਦੋਂ ਕਿ 'ਆਪ' ਲਈ ਰਾਸ਼ਟਰੀ ਹਿੱਤ ਸਭ ਤੋਂ ਪਹਿਲਾਂ ਆਉਂਦੇ ਹਨ ਅਤੇ ਰਾਸ਼ਟਰੀ ਕਾਂਗਰਸ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰੀਰਕ ਮੌਜੂਦਗੀ ਦੀ ਕਮੀ ਬੇਸ਼ੱਕ ਮਹਿਸੂਸ ਕੀਤੀ ਜਾ ਰਹੀ ਹੈ ਪਰ ਵਰਕਰਾਂ ਅਤੇ ਜਨਤਾ ਦਾ ਜੋਸ਼ ਇਨ੍ਹਾਂ ਜ਼ੁਲਮਾਂ ਦਾ ਮੂੰਹ ਤੋੜਵਾਂ ਜਵਾਬ ਦੇਵੇਗਾ ਅਤੇ ਭਾਰਤ ਗੱਠਜੋੜ ਨੂੰ ਦੇਸ਼ ਵਿੱਚ ਵੱਡੀ ਸਫਲਤਾ ਮਿਲੇਗੀ। ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਾਰਨ ਭਾਜਪਾ ਖ਼ਿਲਾਫ਼ ਪੂਰੇ ਦੇਸ਼ ਵਿੱਚ ਗੁੱਸਾ ਹੈ। ਇਸ ਮੌਕੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਮੀਤ ਪ੍ਰਧਾਨ ਗੁਰਤੇਗ ਸਿੰਘ ਨਿੱਕਾ ਅਤੇ ਪ੍ਰੈੱਸ ਕਲੱਬ ਦੇ ਸਮੂਹ ਦੋਸਤ ਹਾਜ਼ਰ ਸਨ।