ਪਟਿਆਲਾ : ਸ਼ੋ੍ਮਣੀ ਕਮੇਟੀ ਪ੍ਰਬੰਧ ਅਧੀਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਤਪ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਖਾਲਸਾ ਸਾਜਨਾ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਾਰਜਾਂ ਨੂੰ ਸੁਚਾਰੂ ਰੱਖਣ ਲਈ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਡਿਊਟੀਆਂ ਦੇ ਕੇ ਤਾਇਨਾਤ ਕਰ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਨੂੰ ਵੇਖਣ ਲਈ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸੰਗਤਾਂ ਵੱਧ ਚੜਕੇ ਖਾਲਸਾ ਸਾਜਨਾ ਦਿਹਾੜੇ ਦੇ ਸਮਾਗਮਾਂ ਵਿਚ ਹਿੱਸਾ ਲੈਣ ਅਤੇ ਗੁਰੂ ਪਾਤਸ਼ਾਹ ਦੀ ਬਖਸ਼ਿਸ਼ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸਵੇਰ ਸਮੇਂ ਗੁਰੂ ਘਰ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਕਵੀਸ਼ਰੀ ਜਥੇ ਗੁਰੂ ਇਤਿਹਾਸ ਸੁਣਨਗੇ ਅਤੇ ਦੀਵਾਨ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ।
ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੋਏ ਆਦੇਸ਼ਾਂ ਦੀ ਸਿੱਖ ਸੰਗਤ ਪਾਲਣ ਕਰਦੇ ਅਤੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਕੇਸਰੀ ਝੰਡਾ ਲਹਿਰਕੇ ਖਾਲਸਾ ਸਾਜਨਾ ਦਿਹਾੜੇ ਨੂੰ ਚੜ੍ਹਦੀਕਲਾ ਰੂਪ ਵਿਚ ਮਨਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਸਿੱਖ ਮਸਲਿਆਂ ਨੂੰ ਲੈ ਕੇ ਸਿੰਘ ਸਾਹਿਬਾਨ ਨੇ ਸਮੁੱਚੀ ਸਿੱਖ ਕੌਮ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਕੌਮ ’ਤੇ ਜ਼ੁਲਮ ਕਰਨ ਵਾਲੀਆਂ ਹਾਕਮਾਂ ਸਰਕਾਰਾਂ ਤੱਕ ਕੌਮ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾ ਸਕੇ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਵਿਸਾਖੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਪੁੱਜਣ ਦੀ ਅਪੀਲ ਕੀਤੀ।