ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 13 ਅਪ੍ਰੈਲ ਇੱਕ ਵਿਸਾਖ ਦਾ ਦਿਹਾੜਾ ਸਿੱਖ ਕੌਮ ਵਿੱਚ ਇੱਕ ਵਿਲੱਖਣ ਸਥਾਨ ਰੱਖਦਾ ਹੈ ਕਿਉਂਕਿ ਇਸ ਦਿਨ ਸਰਬੰਸਦਾਨੀ ਦਸਵੇਂ ਗੁਰੂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਨਾ ਕੀਤੀ ਤੇ ਸਿੱਖ ਕੌਮ ਨੂੰ ਇਕ ਵਿਲੱਖਣ ਪਹਿਚਾਣ ਦਿੱਤੀ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਦੇ ਨਾਲ ਹੀ 13 ਅਪ੍ਰੈਲ 1801 ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ "ਮਹਾਰਾਜ" ਦਾ ਪਹਿਲੀ ਵਾਰ ਦਾ ਖਿਤਾਬ ਮਿਲਿਆ ਸੀ ਅਤੇ 13 ਅਪ੍ਰੈਲ 1861 ਨੂੰ ਨਾਮਧਾਰੀ ਲਹਿਰ (ਕੁਕਾ ਲਹਿਰ) ਸ਼ੁਰੂ ਹੋਏ ਸੀ। ਉਨ੍ਹਾਂ ਕਿਹਾ ਕਿ 13 ਅਪ੍ਰੈਲ ਦੇ ਇਹ ਦਿਨ ਸਿੱਖ ਕੌਮ ਲਈ ਬਹੁਤ ਹੀ ਮਹੱਤਵਪੂਰਨ ਸਥਾਨ ਰੱਖਦੇ ਹਨ। ਪ੍ਰੋ. ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਧਾਰਮਿਕ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸਪੈਸ਼ਲ ਵਿੱਚ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਉਹ ਆਪਣੇ ਸਾਰੇ ਇਤਿਹਾਸ ਤੋਂ ਜਾਣੂ ਹੋ ਸਕਣ ਅਤੇ ਆਪਣੇ ਅਮੋਲਿਕ ਵਿਰਸੇ ਨਾਲ ਜੁੜ ਵੀ ਸਕਣ।