ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ 32 ਖਰੀਦ ਕੇਂਦਰ ਬਣਾਏ ਗਏ ਹਨ ਜਿਥੇ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਸੁਚੱਜੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂਦਾਰ ਜਗ੍ਹਾਂ, ਪੀਣ ਵਾਲਾ ਸਾਫ ਸੁਥਰਾ ਪਾਣੀ, ਬਿਜਲੀ ਤੇ ਹੋਰ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਝੱਲਣੀ ਪਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਲੋੜੀਂਦਾ ਬਾਰਦਾਨਾਂ, ਕਰੇਟ ਤੇ ਤਰਪਾਲਾਂ ਦੇ ਪ੍ਰਬੰਧ ਵੀ ਕੀਤੇ ਗਏ ਹਨ ਤਾਂ ਜੋ ਜੇਕਰ ਬਰਸਾਤ ਆਉਂਦੀ ਹੈ ਤਾਂ ਕਿਸਾਨਾਂ ਦੀ ਫਸਲ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਕਣਕ ਦੀ ਨਾਲੋਂ-ਨਾਲ ਲਿਫਟਿੰਗ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾ ਲੱਗ ਸਕਣ। ਉਨ੍ਹਾਂ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਨਾਲੋਂ 10 ਫੀਸਦੀ ਵੱਧ ਖਰੀਦ ਹੋਣ ਦੀ ਸੰਭਾਵਨਾਂ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਸਾਫ ਹੋ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਸਬੰਧੀ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਗਿੱਲੀ ਫਸਲ ਨਾ ਲੈ ਕੇ ਆਉਣ ਅਤੇ ਮੰਡੀਆਂ ਵਿੱਚ ਫਸਲ ਲਿਆਉਣ ਤੋਂ ਪਹਿਲਾਂ ਉਸ ਨੂੰ ਪੂਰੀ ਤਰ੍ਹਾਂ ਸੁੱਕਾ ਲਿਆ ਜਾਵੇ ਤਾਂ ਜੋ ਖਰੀਦ ਏਜੰਸੀਆਂ ਫਸਲ ਦੀ ਖਰੀਦ ਨਿਰਵਿਘਨ ਕਰਦੀਆਂ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਸ਼ਾਮ 07:00 ਵਜੇ ਤੋਂ ਬਾਅਦ ਅਤੇ ਸਵੇਰੇ 09:00 ਵਜੇ ਤੋਂ ਪਹਿਲਾਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕੰਬਾਇਨਾਂ ਗਿੱਲੀ ਫਸਲ ਵੱਢ ਦਿੰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ ਤੇ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫਸਲ ਦੀ ਖਰੀਦ ਨਹੀਂ ਕਰ ਸਕਦੀਆਂ। ਇਸ ਲਈ ਕਿਸਾਨ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕ੍ਰਿਆ ਨਿਰਵਿਘਨ ਚਲਦੀ ਰਹੀ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਮਿਨਾਕਸ਼ੀ, ਡੀ.ਐਮ. ਮਾਰਕਫੈੱਡ ਸ਼੍ਰੀ ਸਚਿਨ ਅਰੋੜਾ, ਡੀ.ਐਮ. ਪਨਸਪ ਸ਼੍ਰੀ ਬਨਦੀਪ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਗੌਰਵ ਗਰਗ, ਸਕੱਤਰ ਮਾਰਕੀਟ ਕਮੇਟੀ ਸਰਹਿੰਦ ਸ਼੍ਰੀ ਕੰਵਲਪ੍ਰੀਤ ਸਿੰਘ, ਏ.ਐਫ.ਐਸ.ਓ. ਸ਼੍ਰੀ ਕੇਵਲ ਸਿੰਘ, ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਾਧੂ ਰਾਮ ਭੱਟਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਤੇ ਹੋਰ ਪਤਵੰਤੇ ਹਾਜਰ ਸਨ।