ਸਮਾਣਾ : ਮਵੀਕਲਾਂ ਪੁਲੀਸ ਚੌਕੀ 'ਚ ਗੱਲਬਾਤ ਲਈ ਸੱਦੀਆਂ ਦੋ ਧਿਰਾਂ ਵਿੱਚ ਤਕਰਾਰ ਮਗਰੋਂ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮਰੇ ਵਿਅਕਤੀ ਦੇ ਵਾਰਸਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੁਲੀਸ ਚੌਕੀ ਅੱਗੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰਨ ਅਤੇ ਦੂਜੀ ਧਿਰ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ।
ਉੱਚ ਪੁਲੀਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਪੁਲੀਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰਨ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨੇ ਨੂੰ ਖਤਮ ਕਰਵਾਇਆ।
ਮਾਮਲੇ ਦੇ ਜਾਂਚ ਅਧਿਕਾਰੀ ਮਵੀਕਲਾਂ ਪੁਲੀਸ ਚੌਕੀ ਦੇ ਏ.ਐੱਸ.ਆਈ.ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਨਾਮ ਸਿੰਘ (36) ਦੀ ਪਤਨੀ ਹਰਪ੍ਰੀਤ ਕੌਰ ਨਿਵਾਸੀ ਪਿੰਡ ਕਕਰਾਲਾ ਭਾਈਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ 8 ਅਪਰੈਲ ਨੂੰ ਗੁਆਂਢੀਆ ਨਾਲ ਗਾਲੀ ਗਲੋਚ, ਭੱਦੀ ਸ਼ਬਦਾਵਲੀ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਮਵੀਕਲਾਂ ਪੁਲੀਸ ਨੂੰ ਦਿੱਤੀ ਸੀ। ਮਵੀਕਲਾਂ ਪੁਲੀਸ ਨੇ ਦੋਵੇਂ ਧਿਰਾਂ ਨੂੰ 11 ਅਪਰੈਲ ਨੂੰ ਚੌਕੀ ਬੁਲਾਇਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੰਚਾਇਤ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਪੁਲੀਸ ਹਾਜ਼ਰੀ 'ਚ ਉਨ੍ਹਾਂ ਨੂੰ ਗਾਲੀ ਗਲੋਚ, ਭੱਦੀ ਸ਼ਬਦਾਵਲੀ ਤੋਂ ਇਲਾਵਾ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲੀਸ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਨ ਦੀ ਬਜਾਏ ਮੂਕ ਦਰਸ਼ਕ ਬਣੀ ਰਹੀ ਜਿਸ ਤੋਂ ਦੁਖੀ ਹੋ ਕੇ ਸਤਨਾਮ ਸਿੰਘ ਨੇ ਸਲਫਾਸ ਖਾ ਲਈ। ਪੀੜਤ ਨੂੰ ਗੰਭੀਰ ਹਾਲਤ 'ਚ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਨੁਸਾਰ ਮੁਲਜ਼ਮ ਹਰੀ ਸਿੰਘ ਅਤੇ ਜਰਨੈਲ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਸਬ ਇੰਸਪੈਕਟਰ ਸਾਹਿਬ ਸਿੰਘ ਅਤੇ ਏ.ਐੱਸ.ਆਈ. ਰਣਜੀਤ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ। ਇਸ ਦੀ ਪੁਸ਼ਟੀ ਡੀ.ਐੱਸ.ਪੀ. ਸਮਾਣਾ ਨੇਹਾ ਅਗਰਵਾਲ ਨੇ ਕੀਤੀ। ਪੁਲੀਸ ਮੁਲਾਜ਼ਮਾਂ ਨੂੰ ਲਾਈਨ ਹਾਜਰ ਭੇਜਣ ਅਤੇ ਮਾਮਲੇ ਦੀ ਜਾਂਚ ਦੇ ਹੁਕਮਾਂ ਤੋਂ ਬਾਅਦ ਪੁਲੀਸ ਨੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਸਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤੀ।