ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਡਿਊਟੀ ਦੇਣ ਵਾਲੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਦਿੰਦਿਆਂ ਕਿਹਾ ਹੈ ਕਿ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਵਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਇੱਕ ਤਰ੍ਹਾਂ ਨਾਲ ਚੋਣ ਕਮਿਸ਼ਨ ਕੋਲ ਡੈਪੁਟੇਸ਼ਨ ਤੇ ਹੀ ਮੰਨੇ ਜਾਂਦੇ ਹਨ ਅਤੇ ਡਿਊਟੀ ਵਿੱਚ ਕੋਤਾਹੀ ਲੋਕ ਪ੍ਰਤੀਨਿਧਤਾ ਐਕਟ-1951 ਤਹਿਤ ਸਜ਼ਾਯੋਗ ਮੰਨਿਆਂ ਜਾਂਦਾ ਹੈ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਚੋਣ ਡਿਊਟੀ ਵਿੱਚ ਕੋਈ ਵੀ ਢਿੱਲ ਜਾਂ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ-1951 ਦੀ ਧਾਰਾ 134 ਅਧੀਨ ਉਚਿਤ ਕਾਰਵਾਈ ਕਰਨ ਦਾ ਪ੍ਰਾਵਧਾਨ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਚੋਣਾਂ ਸਾਡੇ ਮਜਬੂਤ ਲੋਕਤੰਤਰ ਦੇ ਸਭ ਤੋਂ ਵੱਡੇ ਤਿਓਹਾਰ ਦੀ ਤਰ੍ਹਾਂ ਹੈ ਅਤੇ ਇਹ ਉਹ ਸਮਾਂ ਹੁੰਦਾ ਹੈ ਜਦੋਂ ਦੇਸ਼ ਵਾਸੀ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਦੇ ਹੋਏ ਸਰਕਾਰ ਦੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ ਕਰਦੇ ਹਨ। ਇਸ ਲਈ ਸਾਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।