ਮੋਹਾਲੀ : ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਲ ਰਹੀ ਹੜਤਾਲ ਅੱਜ ਖਤਮ ਹੋ ਗਈ। ਇਸ ਸੰਬੰਧੀ ਨਗਰ ਨਿਗਮ ਦੇ ਮੇਅਰ ਵਲੋਂ ਸਫਾਈ ਕਰਮਚਾਰੀਆਂ ਦੇ ਵਫਦ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਭਰੋਸਾ ਦਿੱਤਾ ਕਿ ਨਗਰ ਨਿਗਮ ਵਲੋਂ ਕਿਸੇ ਵੀ ਸਫਾਈ ਕਰਮਚਾਰੀ ਨੂੰ ਫਾਰਗ ਨਹੀਂ ਕੀਤਾ ਜਾਵੇਗਾ ਅਤੇ ਜਿਹੜੇ ਕਰਮਚਾਰੀਆਂ ਨੂੰ ਜਨਤਕ ਪਖਾਨਿਆਂ ਤੋਂ ਹਟਾਇਆ ਜਾਵੇਗਾ ਉਹਨਾਂ ਨੂੰ ਕਿਤੇ ਹੋਰ ਅਡਜਸਟ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਮੇਅਰ ਨੇ ਵਫਦ ਨੂੰ ਕਿਹਾ ਕਿ ਚੋਣ ਜਾਬਤਾ ਲੱਗਿਆ ਹੋਣ ਕਾਰਨ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਜਾ ਸਕਦਾ ਅਤੇ ਉਹਨਾਂ ਦੀਆਂ ਮੰਗਾਂ ਸੰਬੰਧੀ ਨਗਰ ਨਿਗਮ ਦੀ ਮੀਟਿੰਗ ਵਿੱਚ ਮਤਾ ਲਿਆਂਦਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਸ੍ਰ਼ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸਨਰ ਡਾ਼ ਨਵਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜਿਰ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪ੍ਰਭਾਵਿਤ ਹੁੰਦੀ ਸਫਾਈ ਵਿਵਸਥਾ ਨੂੰ ਲੈ ਕੇ ਮੇਅਰ ਵਲੋਂ ਪਹਿਲਾਂ ਨਗਰ ਨਿਗਮ ਦੇ ਕਮਿ੪ਨਰ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਜਿਸਤੋਂ ਬਾਅਦ ਉਹਨਾਂ ਸਫਾਈ ਕਰਮਚਾਰੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਹੜਤਾਲ ਖਤਮ ਕਰਨ ਦਾ ਫੈਸਲਾ ਹੋ ਗਿਆ। ਇਸ ਸੰਬੰਧੀ ਪੰਜਾਬ ਸਫਾਈ ਮਜਦੂਰ ਫੈਡਰੇ੪ਨ ਦੇ ਜਨਰਲ ਸਕੱਤਰ ਪਵਨ ਗੋਡਿਆਲ ਨੇ ਕਿਹਾ ਕਿ ਨਗਰ ਨਿਗਮ ਦੇ ਮੇਅਰ ਨਾਲ ਹੋਈ ਮੀਟਿੰਗ ਵਿੱਚ ਮੇਅਰ ਵਲੋਂ ਕਿਸੇ ਵੀ ਕਰਮਚਾਰੀ ਨੂੰ ਨਾ ਕੱਢਣ ਅਤੇ ਬਾਕੀ ਮੰਗਾਂ ਲਈ ਮੀਟਿੰਗ ਵਿੱਚ ਮਤਾ ਲਿਆਉਣ ਦਾ ਭਰੋਸਾ ਦਿੱਤਾ ਗਿਆ ਹੈ ਜਿਸਤੋਂ ਬਾਅਦ ਹੜਤਾਲ ਖਤਮ ਕਰਨ ਤੇ ਸਹਿਮਤੀ ਹੋ ਗਈ ਹੈ।
ਜਿਕਰਯੋਗ ਹੈ ਕਿ ਸਫਾਈ ਕਰਮਚਾਰੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੰਮ ਛੱਡ ਕੇ ਹੜਤਾਲ ਕੀਤੀ ਜਾ ਰਹੀ ਸੀ ਅਤੇ ਸਫਾਈ ਕਰਮਚਾਰੀਆਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਹਿਰ ਵਿੱਚ ਲੋਕਾਂ ਦੇ ਘਰਾਂ ਤੋਂ ਕੂੜਾ ਚੁੱਕਣ ਦਾ ਕੰਮ ਵੀ ਰੋਕ ਦਿੱਤਾ ਜਾਵੇਗਾ। ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵਿੱਚ ਜਨਤਕ ਪਖਾਨਿਆਂ ਦੇ 200 ਕਰਮਚਾਰੀਆਂ ਨੂੰ ਫਾਰਗ ਕਰਨ ਦਾ ਫੈਸਲਾ ਵਾਪਸ ਲੈਣ, ਸਫਾਈ ਕਾਮਿਆਂ ਨੂੰ ਦਿੱਤੀ ਜਾਂਦੀ ਤਨਖਾਹ ਵਿੱਚ ਵਾਧਾ ਕਰਨ ਸਮੇਤ ਹੋਰ ਮੰਗਾਂ ਸਾਮਿਲ ਹਨ।