ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 9537 ਨਵੇਂ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 544 ਪੋਲਿੰਗ ਬੂਥ ਬਣਾਏ ਗਏ ਹਨ ਜਿਨ੍ਹਾਂ ਵਿੱਚੋਂ ਅਨੁਸੂਚਿਤ ਜਾਤੀ ਲਈ ਰਾਖਵੇਂ ਚੋਣ ਹਲਕੇ 054-ਬਸੀ ਪਠਾਣਾ ਵਿੱਚ 178 ਪੋਲਿੰਗ ਬੂਥ, 055-ਫ਼ਤਹਿਗੜ੍ਹ ਸਾਹਿਬ ਹਲਕੇ ਵਿੱਚ 200 ਪੋਲਿੰਗ ਬੂਥ ਅਤੇ ਹਲਕਾ 056-ਅਮਲੋਹ ਵਿੱਚ 166 ਪੋਲਿੰਗ ਬੂਥ ਬਣਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਹੋਰ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ 1-1 ਪੋਲਿੰਗ ਬੂਥ ਔਰਤਾਂ ਲਈ ਬਣਾਇਆ ਜਾਵੇਗਾ ਜਿਥੇ ਕਿ ਮਹਿਲਾਵਾਂ ਦੀ ਡਿਊਟੀ ਲਗਾਈ ਜਾਵੇਗੀ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਜ਼ਿਲ੍ਹੇ ਦੇ 448151 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿੱਚ 236037 ਮਰਦ ਵੋਟਰ, 212104 ਮਹਿਲਾ ਵੋਟਰ ਅਤੇ ਤੀਜੇ ਲਿੰਗ ਦੇ 10 ਵੋਟਰ ਸ਼ਾਮਲ ਹਨ। ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ 054-ਬਸੀ ਪਠਾਣਾ ਦੇ ਕੁੱਲ 146397 ਵੋਟਰਾਂ ਵਿੱਚ 77354 ਮਰਦ ਵੋਟਰ, 69040 ਮਹਿਲਾ ਵੋਟਰ ਅਤੇ 03 ਤੀਜੇ ਲਿੰਗ ਦੇ ਵੋਟਰ ਹਨ। ਜਦੋਂ ਕਿ ਹਲਕਾ 055-ਫ਼ਤਹਿਗੜ੍ਹ ਸਾਹਿਬ ਵਿੱਚ 160802 ਵੋਟਰਾਂ ਵਿੱਚ 84361 ਮਰਦ, 76437 ਮਹਿਲਾ ਵੋਟਰ ਤੇ 04 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸੇ ਤਰ੍ਹਾਂ 056-ਅਮਲੋਹ ਹਲਕੇ ਦੇ 140952 ਵੋਟਰਾਂ ਵਿੱਚ 74322 ਮਰਦ ਵੋਟਰ, 60627 ਮਹਿਲਾ ਵੋਟਰ ਅਤੇ 03 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਨਾਲ ਵੋਟਰ ਆਪਣੀ ਮਰਜ਼ੀ ਅਨੁਸਾਰ ਸਰਕਾਰ ਬਣਾ ਸਕਦੇ ਹਨ। ਇਸ ਲਈ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਲੋਕਤੰਤਰ ਹੋਰ ਮਜਬੂਤ ਹੋ ਸਕੇ।