ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਪਿੰਡ ਗਗੜਵਾਲ ਤੇ ਕਾਲੇਮਾਜਰਾ ਦੇ ਕਿਸਾਨਾਂ ਵੱਲੋਂ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਨਰੀਖਣ ਕੀਤਾ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਕੁਮਾਰ ਰਿਨਵਾ ਨੇ ਦੱਸਿਆ ਕਿ ਧਾਨ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਰਾਂ ਵੱਲੋਂ ਨਵੀਂ ਮਸ਼ੀਨ ਸਰਫੇਸ ਸੀਡਰ ਵਿਕਸਤ ਕੀਤੀ ਗਈ ਹੈ, ਜਿਸ ਨੂੰ ਚਲਾਉਣ ਲਈ ਵੱਡੇ ਟਰੈਕਟਰ ਦੀ ਜਰੂਰਤ ਨਹੀਂ ਪੈਂਦੀ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਕਰਨ ਲਈ ਸਮਾਂ ਬਹੁਤ ਘੱਟ ਲੱਗਦਾ ਹੈ ਅਤੇ ਇਹ ਮਸ਼ੀਨ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਸ ਵਿਧੀ ਦਾ ਲਾਭ ਲੈ ਸਕਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਵੀਨਤਮ ਖੇਤੀ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ।
ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨ ਸੁਦਾਗਰ ਸਿੰਘ ਨੇ ਦੱਸਿਆ ਕਿ ਉਸ ਨੇ 25 ਏਕੜ ਰਕਬੇ ਵਿੱਚ ਮਲਚਿੰਗ ਵਿਧੀ ਰਾਹੀਂ ਕਣਕ ਦੀ ਬਿਜਾਈ ਕੀਤੀ ਹੈ ਅਤੇ ਉਸ ਨੇ ਪਿਛਲੇ ਕਈ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾਈ। ਕਿਸਾਨ ਨੇ ਦੱਸਿਆ ਕਿ ਇਸ ਸਾਲ ਉਸ ਨੇ ਸਹਿਕਾਰੀ ਸਭਾ ਹਵਾਰਾ ਤੋਂ ਸਰਫੇਸ ਸੀਡਰ ਮਸ਼ੀਨ ਲੈ ਕੇ 7 ਏਕੜ ਵਿੱਚ ਕਣਕ ਦੀ ਬਿਜਾਈ ਕੀਤੀ ਸੀ। ਉਨ੍ਹਾਂ ਦੱਸਿਆ ਕਿ ਭਾਵੇਂ ਕਿ ਮਸ਼ੀਨ ਵਿੱਚ ਕੁਝ ਸੋਧ ਦੀ ਲੋੜ ਹੈ ਪ੍ਰੰਤੂ ਫਸਲ ਤੋਂ ਚੰਗਾ ਝਾੜ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਿਧੀ ਤੋਂ ਕਾਫੀ ਸੰਤੁਸ਼ਟ ਹਨ।ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਇੱਕ ਹੋਰ ਕਿਸਾਨ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਇੱਕ ਛੋਟਾ ਕਿਸਾਨ ਹੈ ਅਤੇ ਵੱਡੀ ਮਸ਼ੀਨਰੀ ਖਰੀਦਣਾ ਉਸ ਦੀ ਸਮਰੱਥਾ ਤੋਂ ਬਾਹਰ ਹੈ। ਉਸ ਨੇ ਦੱਸਿਆ ਕਿ ਇਹ ਮਸ਼ੀਨ ਉਸ ਲਈ ਕਾਫੀ ਲਾਹੇਵੰਦ ਸਾਬਤ ਹੋਈ ਹੈ। ਉਸ ਨੇ ਦੱਸਿਆ ਕਿ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਕੇਵਲ 400 ਰੁਪਏ ਖਰਚਾ ਕਰਨਾ ਪਿਆ ਹੈ ਅਤੇ ਫਸਲ ਦੀ ਹਾਲਤ ਬਹੁਤ ਵਧੀਆ ਹੈ। ਇਸ ਮੌਕੇ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ,ਖੇਤੀਬਾੜੀ ਇੰਸਪੈਕਟਰ ਪ੍ਰਿਤਪਾਲ ਸਿੰਘ, ਜਤਿੰਦਰ ਸਿੰਘ, ਅਮਰੀਕ ਸਿੰਘ, ਜਗਦੀਪ ਸਿੰਘ, ਖੁਸ਼ਪ੍ਰੀਤ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਇਲਾਕੇ ਦੇ ਕਿਸਾਨ ਹਾਜਰ ਸਨ।