ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੇ ਬੇਦਾਗ਼ ਅਕਸ ਨੂੰ ਕਰਨ ਉਜਾਗਰ, ਘਰ-ਘਰ ਜਾਣ ਵਰਕਰ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ। ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਪਟਿਆਲਾ ਸੰਸਦੀ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਗਤੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਡੂੰਘੀ ਸੋਚ ਵਿਚਾਰ ਤੋਂ ਬਾਅਦ ਪਟਿਆਲਾ ਤੋਂ ਐਨ.ਕੇ. ਸ਼ਰਮਾ ਜਿਹੇ ਬੇਦਾਗ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਟਿਆਲਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਜਿੱਥੇ ਦਲਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਅਕਾਲੀ ਦਲ ਨੇ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉਹ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਿਹਾ ਹੈ ਅਤੇ ਦੋ ਵਾਰ ਵਿਧਾਇਕ ਅਤੇ ਮੰਤਰੀ ਬਣਨ ਦੇ ਬਾਵਜੂਦ ਬੇਦਾਗ ਅਕਸ ਰਿਹਾ ਹੈ। ਸੁਖਬੀਰ ਬਾਦਲ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਚੋਣ ਪ੍ਰਚਾਰ ਪ੍ਰੋਗਰਾਮ ਤੈਅ ਕਰਨ। ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਸਮਾਨੰਤਰ ਪ੍ਰੋਗਰਾਮ ਆਯੋਜਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਹਲਕੇ ਵਿੱਚ ਰੈਲੀਆਂ ਵੀ ਕੀਤੀਆਂ ਜਾਣਗੀਆਂ।
ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਲੋਕ ਸਭਾ ਦੇ ਹੋਰ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਬੋਲਦਿਆਂ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਅਤੇ ਸੰਗਠਨ ਵਿੱਚ ਜਿਨ੍ਹਾਂ ਵੀ ਅਹੁਦਿਆਂ 'ਤੇ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਸ਼ਰਮਾ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪ੍ਰੋਗਰਾਮ ਉਲੀਕਣ। ਪ੍ਰਚਾਰ ਮੁਹਿੰਮ ਦੌਰਾਨ ਕੋਈ ਵੀ ਪਿੰਡ, ਸ਼ਹਿਰ, ਕਸਬਾ ਅਜਿਹਾ ਨਾ ਛੱਡਿਆ ਜਾਵੇ, ਜਿੱਥੇ ਅਕਾਲੀ ਦਲ ਦਾ ਕੋਈ ਵਰਕਰ ਨਾ ਪਹੁੰਚਿਆ ਹੋਵੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸੁਤਰਾਣਾ ਸਰਕਲ ਇੰਚਾਰਜ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਚਰਨਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ ਤੋਂ ਇਲਾਵਾ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।