ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਸ. ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾ ਕੇ, ਇਸ ਹਲਕੇ ਦੇ ਵੋਟਰਾਂ ਦੀਆਂ ਭਾਵਨਾਵਾਂ ਨੂੰ ਅਹਿਮੀਅਤ ਦਿਤੀ ਹੈ ਕਿਉਂਕਿ ਸ. ਇਕਬਾਲ ਸਿੰਘ ਝੂੰਦਾਂ ਲੰਬੇ ਸਮੇਂ ਤੋਂ ਤਿਆਰੀ ਵਿਚ ਜੁਟੇ ਹੋਏ ਸਨ ਅਤੇ ਉਨ੍ਹਾਂ ਨੇ ਅਜਿਹੇ ਸਮੇਂ ਅਕਾਲੀ ਦਲ ਦੀ ਵਾਗਡੋਰ ਸੰਭਾਲੀ ਸੀ ਜਦ ਅਕਾਲੀ ਦਲ ਮਾੜੇ ਦੌਰ ਵਿਚੋਂ ਲੰਘ ਰਿਹਾ ਸੀ। ਅਸੀਂ ਮਾਲੇਰਕੋਟਲਾ ਤੋਂ ਸ. ਝੂੰਦਾਂ ਨੂੰ ਜਿਤਾ ਕੇ ਭੇਜਾਂਗੇ।
ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਇਥੋਂ ਥੋੜੀ ਦੂਰ ਸਥਿਤ ਪਿੰਡ ਇਮਾਮਗੜ੍ਹ ਵਿਖੇ ਮਾਲਵਾ ਕਬੱਡੀ ਕੱਪ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਸ. ਝੂੰਦਾਂ ਬੇਦਾਗ਼, ਇਮਾਨਦਾਰ, ਮਿਹਨਤੀ ਅਤੇ ਪੰਥਕ ਰਾਜਨੀਤੀ ਕਰਨ ਵਾਲੇ ਨੇਤਾ ਹਨ ਜਿਹੜੇ ਘੱਟਗਿਣਤੀਆਂ ਦੇ ਮਸਲਿਆਂ ਨੂੰ ਵੀ ਚੰਗੀ ਤਰ੍ਹਾਂ ਸਮਝਦੇ ਹਨ, ਇਸ ਲਈ ਸਾਨੂੰ ਪੂਰੀ ਉਮੀਦ ਹੈ ਕਿ ਉਹ ਸੰਸਦ ਵਿਚ ਪਹੁੰਚ ਕੇ ਸਿੱਖਾਂ, ਮੁਸਲਮਾਨਾਂ ਅਤੇ ਹੋਰ ਘੱਟਗਿਣਤੀਆਂ ਦੀ ਆਵਾਜ਼ ਬਣਨਗੇ।
ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦੇਣ ਅਤੇ ਢੀਂਡਸਾ ਪਰਵਾਰ ਵਲੋਂ ਵਿਰੋਧ ਕੀਤੇ ਜਾਣ ਬਾਰੇ ਪੁੱਛੇ ਜਾਣ ਤੇ ਬੀਬਾ ਜ਼ਾਹਿਦਾ ਸੁਲੇਮਾਨ ਨੇ ਆਖਿਆ ਕਿ ਢੀਂਡਸਾ ਪਰਵਾਰ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਇਹ ਚੋਣ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ. ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੀ ਲੜੀ ਅਤੇ ਜਿੱਤੀ ਜਾਵੇਗੀ। ਲੋਕ ਮੁੜ ਅਕਾਲੀ ਦਲ ਨੂੰ ਸੱਤਾ ਵਿਚ ਵੇਖਣਾ ਚਾਹੁੰਦੇ ਹਨ ਅਤੇ ਅਪਣਾ ਅਸ਼ੀਰਵਾਦ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਵਰਕਰਜ਼ ਸਾਹਿਬਾਨ ਨੇ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ ਅਤੇ ਇਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਕਿ ਹਲਕੇ ਦੇ ਹਰ ਵੋਟਰ ਤਕ ਪਹੁੰਚ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਸਮਝਾਇਆ ਜਾ ਸਕੇ ਕਿ ਸੱਤਾਧਾਰੀ ਝੂਠੇ ਲੀਡਰਾਂ ਦੇ ਪਿੱਛੇ ਲੱਗਣ ਦੀ ਬਜਾਏ ਸੇਵਾ ਦੀ ਭਾਵਨਾ ਰੱਖਣ ਵਾਲੇ ਅਕਾਲੀ ਦਲ ਨੂੰ ਜਿਤਾਉਣਾ ਕਿਉਂ ਜ਼ਰੂਰੀ ਹੈ
ਅਕਾਲੀ ਦਲ ਨੇ ਹਮੇਸ਼ਾ ਸੱਚੀ ਤੇ ਵਿਕਾਸ ਦੀ ਰਾਜਨੀਤੀ ਕੀਤੀ ਹੈ ਅਤੇ ਆਪਸੀ ਭਾਈਚਾਰਾ ਕਾਇਮ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਤਰਲੋਚਨ ਸਿੰਘ ਧਲੇਰ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਚੌਧਰੀ ਮੁਹੰਮਦ ਸ਼ਮਸ਼ਾਦ, ਸ਼ਹਿਰੀ ਸਰਕਲ ਪ੍ਰਧਾਨ ਮੁਹੰਮਦ ਇਕਬਾਲ ਬਾਲਾ, ਇਸਤਰੀ ਅਕਾਲੀ ਦਲ ਦੀ ਆਗੂ ਸੁਰੱਈਆ ਬੇਗਮ, ਜੱਸੀ ਰੰਧਾਵਾ ਅਤੇ ਮਾਲਵਾ ਕਬੱਡੀ ਕੱਪ ਦੇ ਆਯੋਜਿਕ ਮੌਜੂਦ ਸਨ।