ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਮਾਤਾ ਗੁਜਰੀ ਕਾਲਜ ਵਿਖੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਅਧੀਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਜੋਬਨਦੀਪ ਕੌਰ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਅਧੀਨ ਵਿਦਿਆਰਥੀਆਂ ਦੇ ਰੰਗੋਲੀ, ਪੋਸਟਰ ਮੇਕਿੰਗ, ਮਹਿੰਦੀ, ਕਢਾਈ ਦੇ ਮੁਕਾਬਲਿਆਂ ਦੇ ਨਾਲ ਨੁਕੜ ਨਾਟਕ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਨੂੰ ਵਧਾਉਣਾ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਸ ਵਾਰ 70 ਪਾਰ ਦੇ ਦਿੱਤੇ ਟੀਚੇ ਨੂੰ ਸਫਲਤਾ ਪੂਰਬਕ ਹਾਸਲ ਕੀਤਾ ਜਾ ਸਕੇ। ਇਸ ਮੌਕੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਸਵੀਪ ਨੋਡਲ ਅਫਸਰ ਸ਼੍ਰੀ ਦਵਿੰਦਰ ਕੁਮਾਰ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਤੋ ਇਲਾਵਾ ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਇੰਚਾਰਜ ਪ੍ਰੋਫੈਸਰ ਬੀਰ ਇੰਦਰ ਸਿੰਘ ਸਰਾਓ ਹਾਜਰ ਸਨ।