ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਹਿਤ ਕਰਵਾਈ ਜਾ ਰਹੀ ‘ਅਲੂਮਨੀ ਮੀਟ’ ਨੂੰ ਪੂਰੀ ਤਰ੍ਹਾਂ ਯਾਦਗਾਰ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਹਫ਼ਤੇ ਆਨਲਾਈਨ ਅਤੇ ਅਗਲੇ ਹਫ਼ਤੇ ਆਫਲਾਈਨ ਕਰਵਾਈ ਜਾ ਰਹੀ ਅਲੂਮਨੀ ਮੀਟ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀਆਂ ਯੂਨੀਵਰਸਿਟੀ ਨਾਲ਼ ਭਾਵੁਕ ਸਾਂਝਾਂ ਜੁੜੀਆਂ ਹੁੰਦੀਆਂ ਹਨ। ਇਸ ਕਰ ਕੇ ਇਸ ਦੇ ਪ੍ਰਬੰਧ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਇਸ ਵਿੱਚ ਵੱਧ ਤੋਂ ਵੱਧ ਸਾਬਕਾ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਜਾਰੀ ਕੀਤੇ। ਜਿ਼ਕਰਯੋਗ ਹੈ ਕਿ ਆਨਲਾਈਨ ਅਲੂਮਨੀ ਮੀਟ 20 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ ਜਿਸ ਵਿੱਚ ਵਿਦੇਸ਼ਾਂ ਅਤੇ ਦੂਰ ਦਰਾਜ ਵਿੱਚ ਰਹਿਣ ਵਾਲ਼ੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹਿੱਸਾ ਲੈ ਸਕਣਗੇ। ਆਫ਼ਲਾਈਨ ਅਲੂਮਨੀ ਮੀਟ 24 ਅਪ੍ਰੈਲ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਕਰਵਾਈ ਜਾਵੇਗੀ। ਇਸ ਦੌਰਾਨ ਇੱਕ ਸੱਭਿਆਚਾਰਿਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ । ਤਿਆਰੀਆਂ ਸੰਬੰਧੀ ਜਾਇਜ਼ੇ ਲਈ ਕਰਵਾਈ ਗਈ ਇਸ ਮੀਟਿੰਗ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ, ਵਿੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ, ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਕੌਰ, ਵਧੀਕ ਡੀਨ ਵਿਦਿਆਰਥੀ ਭਲਾਈ ਪ੍ਰੋ. ਡੀ.ਪੀ. ਸਿੰਘ, ਡੀਨ ਅਲੂਮਨੀ ਡਾ. ਗੁਰਮੁਖ ਸਿੰਘ ਤੋਂ ਇਲਾਵਾ ਭਾਸ਼ਾ ਫ਼ੈਕਲਟੀ ਦੇ ਡੀਨ ਡਾ. ਰਾਜੇਸ਼ ਸ਼ਰਮਾ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡੀਨ ਡਾ. ਸੰਜੀਵ ਪੁਰੀ, ਪ੍ਰੋ. ਨਵਜੋਤ ਚਾਵਲਾ, ਡਾ. ਯਾਦਵਿੰਦਰ ਸਿੰਘ, ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ, ਮੁੱਖ ਸੁਰੱਿਖਆ ਅਫ਼ਸਰ ਅਮਰਜੀਤ ਸਿੰਘ ਘੁੰਮਣ ਆਦਿ ਹਾਜ਼ਰ ਰਹੇ।