ਸੁਨਾਮ : ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਅਤੇ ਬੀਜੇਪੀ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਸੱਤਾ ਹਥਿਆਉਣ ਲਈ ਕੂੜ ਪ੍ਰਚਾਰ ਕਰ ਰਹੀ ਹੈ। ਇੰਡੀਆ ਗੱਠਜੋੜ ਵਿੱਚ ਸ਼ਾਮਿਲ ਵਿਰੋਧੀ ਪਾਰਟੀਆਂ ਜਾਣ ਬੁੱਝਕੇ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿੱਚ ਹੋਣ ਦੀ ਦੁਹਾਈ ਦੇ ਰਹੀਆਂ ਹਨ। ਭਾਜਪਾ ਆਗੂਆਂ ਨੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਲੋਕਤੰਤਰ ਦਾ ਘਾਣ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਹੈ , ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਮੁਲਕ ਅੰਦਰ ਐਮਰਜੈਂਸੀ ਲਾਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਅਤੇ 356 ਧਾਰਾ ਦੀ ਵਰਤੋਂ ਕਰਕੇ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਸਮੇਂ ਤੋਂ ਪਹਿਲਾਂ ਤੋੜਿਆ ਗਿਆ , ਲੋਕਤੰਤਰ ਦੇ ਚੌਥੇ ਥੰਮ ਮੀਡੀਆ ਤੇ ਸੈਂਸਰ ਸ਼ਿਪ ਲਗਾਉਣ ਦਾ ਕੰਮ ਵੀ ਕਾਂਗਰਸ ਪਾਰਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਤਰਿਣਮੂਲ ਕਾਂਗਰਸ ਪਾਰਟੀ ਦੇ ਆਗੂ ਵੀ ਲੋਕਤੰਤਰ ਦੀ ਦੁਹਾਈ ਦੇ ਕੇ ਆਮ ਜਨਤਾ ਨੂੰ ਵਰਗਲਾਉਣ ਦਾ ਕੰਮ ਕਰ ਰਹੇ ਹਨ। ਭਾਜਪਾ ਆਗੂ ਸ਼ੰਕਰ ਬਾਂਸਲ ਅਤੇ ਡਾਕਟਰ ਜਗਮਹਿੰਦਰ ਸੈਣੀ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਦਾ ਖਾਤਮਾ , ਗਰੀਬਾਂ ਨੂੰ ਗ਼ਰੀਬੀ ਰੇਖਾ ਤੋਂ ਉੱਪਰ ਲੈਕੇ ਜਾਣ ਸਮੇਤ ਹੋਰ ਅਨੇਕਾਂ ਫ਼ੈਸਲੇ ਕੀਤੇ ਹਨ। ਗਰੀਬ ਜਨਤਾ ਨੂੰ ਨਰਿੰਦਰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਿੱਧਾ ਉਹਨਾਂ ਦੇ ਖਾਤਿਆਂ ਰਾਹੀਂ ਮਿਲਣੇ ਆਦਿ ਯੋਜਨਾਵਾਂ ਲਾਗੂ ਕਰਕੇ ਲੋਕਤੰਤਰ ਨੂੰ ਦੇਸ਼ ਵਿਚ ਮਜ਼ਬੂਤ ਕਰਨਾ ਹੈ। ਭਾਜਪਾ ਆਗੂਆਂ ਨੇ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਅਤੇ ਫਰੇਬ ਦੀ ਰਾਜਨੀਤੀ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ, ਪੰਜਾਬ ਦੀਆਂ ਮਹਿਲਾਵਾਂ, ਵਿਉਪਾਰੀਆਂ, ਮਜ਼ਦੂਰਾਂ ਅਤੇ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਸਨ ਲੋਕ ਉਨ੍ਹਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੁਟਕਲੇ ਬਾਜ਼ੀ ਨਾਲ਼ ਡੰਗ ਟਪਾਈ ਕਰ ਰਹੇ ਹਨ, ਜਨਤਾ ਲੋਕ ਸਭਾ ਚੋਣਾਂ ਵਿੱਚ ਜਵਾਬ ਮੰਗੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਪੱਖੀ ਕਾਰਜਾਂ ਸਦਕਾ ਮੁਲਕ ਅੰਦਰ ਐਨਡੀਏ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਕਮਲ ਖਿੜੇਗਾ।