ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ
ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ।
ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ। ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।
ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।