ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਕਰਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।