ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਉੱਦਮਾਂ ਨਾਲ਼ ਕਰਵਾਏ ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਕੈਂਪਸ ਵਿਖੇ ਜਾਗਰੂਕਤਾ ਰੈਲੀ ਕੱਢੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਵਾਤਾਵਰਣ ਨੂੰ ਬਚਾਉਣ ਲਈ ਵਿਦਿਆਰਥੀਆਂ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਬਚਾਇਆ ਜਾ ਸਕੇ ਅਤੇ ਨਾਲ਼ ਹੀ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਵਿਚ ਇਹ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ। ਇਸ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੱਧੂ ਅਤੇ ਡਾ. ਅਭਿਨਵ ਭੰਡਾਰੀ ਸਮੇਤ 35 ਵਲੰਟੀਅਰਾਂ ਅਤੇ ਸੋਸ਼ਲ ਵਰਕ ਦੇ ਵਿਦਿਆਰਥੀਆਂ ਨੇ ਭਾਗ ਲਿਆ।